ਅੰਮ੍ਰਿਤਸਰ, 4 ਜੂਨ
6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਅੱਜ ਦਰਬਾਰ ਸਾਹਿਬ ਕੰਪਲੈਕਸ ਨੇੜੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਪੰਜਾਬ ਵਿਚ ਨੀਮ ਫੌਜੀ ਬਲਾਂ ਦੀਆਂ 11 ਕੰਪਨੀਆਂ ਵੀ ਸੰਵੇਦਨਸ਼ੀਲ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਬੰਧੀ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡਿਪਟੀ ਪੁਲੀਸ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਪੁਲੀਸ ਅਧਿਕਾਰੀ ਵੀ ਮੌਜੂਦ ਸਨ। ਹੈਰੀਟੇਜ ਸਟਰੀਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ ਅਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਨੇ ਕਿਹਾ ਕਿ ਸ਼ਹਿਰ ਵਿੱਚ ਅਰਧ ਸੈਨਿਕ ਬਲਾਂ ਦੀਆਂ ਚਾਰ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪੂਰੇ ਸੂਬੇ ਵਿੱਚ ਭਾਰੀ ਪੁਲੀਸ ਬਲ ਅਤੇ ਨੀਮ ਫੌਜੀ ਬਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਧਾਰਮਿਕ ਅਤੇ ਅਸੁਰੱਖਿਅਤ ਸਥਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਅਰਧ ਸੈਨਿਕ ਬਲਾਂ ਦੀਆਂ ਚਾਰ ਕੰਪਨੀਆਂ ਤੋਂ ਇਲਾਵਾ ਰੈਪਿਡ ਐਕਸ਼ਨ ਫੋਰਸ, ਆਰਮਡ ਰਿਜ਼ਰਵ ਪੁਲੀਸ, ਪੰਜਾਬ ਆਰਮਡ ਪੁਲੀਸ, ਸਪੈਸ਼ਲ ਅਪਰੇਸ਼ਨ ਗਰੁੱਪ, ਸਵੈਟ ਟੀਮ ਅਤੇ ਅੱਥਰੂ ਗੈਸ ਟੀਮਾਂ ਸਮੇਤ 3500 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਹਿਰ ਵਿਚ ਤਾਇਨਾਤ ਰਹਿਣਗੇ।
ਜੂਨ 1984 ’ਚ ਵਾਪਰੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਵਿਚ ਮਾਰੇ ਗਏ ਸਿੱਖਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਸ਼ੁਰੂ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਸਾਲਾਨਾ ਸ਼ਹੀਦੀ ਸਮਾਗਮ ਹੋਵੇਗਾ। ਇਸ ਸਬੰਧ ਵਿਚ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ ਉੱਥੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਜ਼ਖਮੀ ਹੋਏ ਪਾਵਨ ਸਰੂਪ 6 ਜੂਨ ਨੂੰ ਸੰਗਤ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।