ਚੰਡੀਗੜ੍ਹ: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਦੇ ਖਿਲਾਫ FIR ਦਰਜ ਕੀਤੀ ਸੀ। ਜਾਂਚ ਵਿੱਚ ਪਤਾ ਲੱਗਾ ਸੀ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ।

ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਦੇ ਖਿਲਾਫ PMLA 2022 ਦੇ ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਰਾਜਪਾਲ ਨੂੰ ਇਸ ਮਾਮਲੇ ਵਿੱਚ ਕੇਸ ਚਲਾਉਣ ਦੀ ਸਿਫਾਰਸ਼ ਭੇਜ ਦਿੱਤੀ ਹੈ।

ਜੀਐਸਟੀ ਵਿੱਚ ਕਟੌਤੀ ਨੂੰ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੀਐਸਟੀ ਵਿੱਚ ਕੀਤੀਆਂ ਗਈਆਂ ਕਟੌਤੀਆਂ ਦੇ ਫੈਸਲਿਆਂ ਨੂੰ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲੇ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ ਜਾਣਗੇ।

ਮੋਹਾਲੀ ਵਿੱਚ ਵਿਸ਼ੇਸ਼ ਅਦਾਲਤ

ਚੀਮਾ ਨੇ ਅੱਗੇ ਦੱਸਿਆ ਕਿ NIA ਦੇ ਅਧੀਨ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਮੁਕੱਦਮਿਆਂ ਦੇ ਨਿਪਟਾਰੇ ਲਈ ਮੋਹਾਲੀ ਵਿੱਚ ਸੈਸ਼ਨ ਜੱਜ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਜਾਵੇਗੀ। ਸਾਰੇ NIA ਮੁਕੱਦਮੇ ਮੋਹਾਲੀ ਦੀ ਅਦਾਲਤ ਵਿੱਚ ਹੀ ਚੱਲਣਗੇ। ਇਸ ਦਾ ਪ੍ਰਬੰਧ ਪੰਜਾਬ ਸਰਕਾਰ ਕਰੇਗੀ, ਜਦਕਿ ਖਰਚਾ ਕੇਂਦਰ ਸਰਕਾਰ ਉਠਾਏਗੀ।