ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।
ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੇਸ਼ ਹੋਣ ਲਈ ਕਿਹਾ ਸੀ। ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੁਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।
ਇਸ ਮਾਮਲੇ ’ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐੱਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਸਨ। ਆਸ਼ੂ ’ਤੇ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਵੀ ਦੋਸ਼ ਹੈ।