ਐੱਸ.ਏ.ਐੱਸ. ਨਗਰ (ਮੁਹਾਲੀ), 3 ਜਨਵਰੀ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਜਿੱਥੇ ਪਿਛਲੇ ਦਿਨੀਂ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਕਰ ਕੇ ਆਪਣਾ ਮੇਅਰ ਬਣਾਉਣ ਲਈ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਵਿਜੀਲੈਂਸ ਨੇ ਬਲਬੀਰ ਸਿੱਧੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿੱਧੂ ’ਤੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਹੋਣ ਸਮੇਂ ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਵਿੱਚ ਆਮਦਨ ਤੋਂ ਵੱਧ ਬਹੁ-ਕਰੋੜੀ ਜ਼ਮੀਨਾਂ ਖ਼ਰੀਦਣ ਦਾ ਦੋਸ਼ ਹੈ। ਪੰਜਾਬ ਵਿੱਚ ਸੱਤਾ ਪਰਿਵਰਤਨ ਹੋਣ ਤੋਂ ਬਾਅਦ ਦੋਵੇਂ ਭਰਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਧਰ ਬਲਬੀਰ ਸਿੱਧੂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਇਹ ਸਾਰਾ ਕੁੱਝ ਸਿਆਸੀ ਬਦਲਾਖ਼ੋਰੀ ਦਾ ਨਤੀਜਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਬੀਰ ਸਿੱਧੂ ਵੱਲੋਂ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਖਰੀਦੀ ਗਈ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਲਗਜ਼ਰੀ ਗੱਡੀਆਂ ਵੀ ਜਾਂਚ ਦੇ ਘੇਰੇ ਵਿੱਚ ਆ ਗਈਆਂ ਹਨ। ਸਿੱਧੂ ਦੇ ਛੋਟੇ ਭਰਾ ਜੀਤੀ ਸਿੱਧੂ ਦੀ ਮੁਹਾਲੀ ਵਿੱਚ ਰੀਅਲ ਅਸਟੇਟ ਲੈਂਡ ਚੈਸਟਰ ਕੰਪਨੀ ਵੱਲੋਂ ਖਰੀਦੀ ਗਈ 70 ਏਕੜ ਦੀ ਜਾਇਦਾਦ ਅਤੇ ਸਿੱਧੂ ਪਰਿਵਾਰ ’ਤੇ ਲੱਗੇ ਜ਼ਮੀਨਾਂ ’ਤੇ ਕਥਿਤ ਨਾਜਾਇਜ਼ ਕਬਜ਼ਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੱਤਾ ਪਰਿਵਰਤਨ ਤੋਂ ਬਾਅਦ ਹੀ ਸਿੱਧੂ ਪਰਿਵਾਰ ਸੂਬਾ ਸਰਕਾਰ ਦੇ ਨਿਸ਼ਾਨੇ ’ਤੇ ਆ ਗਿਆ ਸੀ। ਕੁੱਝ ਸਮਾਂ ਪਹਿਲਾਂ ਹੀ ਸਰਕਾਰ ਨੇ ਪਿੰਡ ਬਲੌਂਗੀ ਸਥਿਤ ਬਾਲ ਗੋਪਾਲ ਗਊਸ਼ਾਲਾ ਦੀ ਜ਼ਮੀਨ ਨੂੰ ਲੈ ਕੇ ਸਿੱਧੂ ਪਰਿਵਾਰ ਨੂੰ ਘੇਰਨ ਅਤੇ ਪੁਲੀਸ ਦੀ ਮਦਦ ਨਾਲ ਗਊਸ਼ਾਲਾ ਵਾਲੀ ਜ਼ਮੀਨ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਪਰ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਅੱਗੇ ਪੁਲੀਸ ਬੇਵੱਸ ਨਜ਼ਰ ਆਈ। ਬਾਅਦ ਵਿੱਚ ਉੱਚ ਅਦਾਲਤ ਨੇ ਗਊਸ਼ਾਲਾ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਅਗਲੇ ਹੁਕਮਾਂ ਤੱਕ ਸਟੇਅ ਆਰਡਰ ਜਾਰੀ ਕੀਤੇ। ਜੀਤੀ ਸਿੱਧੂ ਭਲਕੇ 3 ਜਨਵਰੀ ਨੂੰ ਅਮਰੀਕਾ ਤੋਂ ਵਾਪਸ ਆ ਰਹੇ ਹਨ। ਹਾਲਾਂਕਿ ਉਹ 9 ਜਨਵਰੀ ਤੱਕ ਵਿਦੇਸ਼ ਦੌਰੇ ’ਤੇ ਸਨ ਪਰ ਸਰਕਾਰ ਦੇ ਤਾਜ਼ਾ ਫ਼ੈਸਲੇ ਕਾਰਨ ਉਨ੍ਹਾਂ ਨੂੰ ਹਫ਼ਤਾ ਪਹਿਲਾਂ ਹੀ ਵਾਪਸ ਆਉਣਾ ਪੈ ਰਿਹਾ ਹੈ।