ਸਿਡਨੀ, 4 ਜੁਲਾਈ
ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸਿਡਨੀ ਨੇੜਲੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਹੜ੍ਹਾਂ ਵਾਲੇ ਹਾਲਾਤ ਹਨ। ਨਦੀਆਂ ਵੀ ਉਪਰੋਂ ਦੀ ਹੋ ਕੇ ਵਗਣ ਲੱਗੀਆਂ ਹਨ। ਇਹਤਿਆਤ ਵਜੋਂ ਸਿਡਨੀ ਦੇ ਨੀਮ ਸ਼ਹਿਰੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਲਈ ਆਖ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਵਿੱਚ ਭਾਰੀ ਮੀਂਹ ਤੇ ਹੜ੍ਹਾਂ ਦੇ ਨਾਲ ਆਸਟਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਦੇ ਸਾਹਿਲ ਅਤੇ ਨਿਊ ਸਾਊਥ ਵੇਲਜ਼ ਦੇ ਹੋਰਨਾਂ ਹਿੱਸਿਆਂ ਵਿੱਚ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੱਛਮੀ ਸਿਡਨੀ ਵਿੱਚ ਲੰਘੀ ਰਾਤ ਤੋਂ ਪਾਣੀ ਵਾਰਾਗਾਂਬਾ ਬੰਨ੍ਹ ਉਪਰਦੀ ਹੋ ਕੇ ਵਗ ਰਿਹਾ ਹੈ। ਉਨ੍ਹਾਂ ਮੌਜੂਦਾ ਹਾਲਾਤ ਦੀ ਤੁਲਨਾ ਪਿਛਲੇ ਸਾਲ ਮਾਰਚ ਵਿੱਚ ਆਏ ਹੜ੍ਹਾਂ ਵੱਲੋਂ ਮਚਾਈ ਤਬਾਹੀ ਨਾਲ ਕੀਤੀ ਹੈ।