ਚੰਡੀਗੜ੍ਹ, 20 ਅਗਸਤ
ਸੀਬੀਆਈ ਵੱਲੋਂ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਅਤੇ ਟਿਕਾਣਿਆਂ ’ਤੇ ਮਾਰੇ ਛਾਪਿਆਂ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਭਖ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਵਜ਼ੀਰ ਸੀਬੀਆਈ ਦੇ ਛਾਪਿਆਂ ਦੀ ਆਲੋਚਨਾ ਕਰਦੇ ਹੋਏ ਮਨੀਸ਼ ਸਿਸੋਦੀਆ ਦੀ ਹਮਾਇਤ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਕਿਹਾ, ‘‘ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖ਼ਬਾਰ ਨਿਊ ਯਾਰਕ ਟਾਈਮਜ਼ ਨੇ ਪਹਿਲੇ ਪੰਨੇ ’ਤੇ ਮਨੀਸ਼ ਸਿਸੋਦੀਆ ਦੀ ਤਸਵੀਰ ਛਾਪੀ ਹੈ ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀਬੀਆਈ ਨੂੰ ਭੇਜ ਦਿੱਤਾ। ਇਸ ਤਰ੍ਹਾਂ ਭਾਰਤ ਕਿਵੇਂ ਅੱਗੇ ਵਧੇਗਾ।’ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਹੋ ਰਹੀ ਹੈ ਪਰ ਪ੍ਰਧਾਨ ਮੰਤਰੀ ਨੇ ਇਸ ਦੇ ਬਦਲੇ ਵਿਚ ਅੱਜ ਹੀ ਸੀਬੀਆਈ ਭੇਜ ਕੇ ਇਨਾਮ ਦੇ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਕਰਕੇ ਕਿਹਾ ਕਿ ਵਿਸ਼ਵ ਦੇ ਅੱਵਲ ਨੰਬਰ ਅਖ਼ਬਾਰ ਨੇ ਦਿੱਲੀ ਦੇ ਸਿੱਖਿਆ ਮਾਡਲ ਅਤੇ ਮਨੀਸ਼ ਸਿਸੋਦੀਆ ਦੇ ਕੰਮ ਨੂੰ ਸਲਾਹਿਆ ਹੈ ਅਤੇ ਅੱਜ ਹੀ ਭਾਜਪਾ ਸਰਕਾਰ ਨੇ ਸੀਬੀਆਈ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਲੱਗਦਾ ਹੈ ਕਿ ਭਾਜਪਾ ਭਾਰਤ ਵਿੱਚ ਚੰਗੇ ਸਰਕਾਰੀ ਸਕੂਲਾਂ ਦੀ ਮੁੱਦਈ ਨਹੀਂ ਹੈ। ਇਸੇ ਤਰ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਮਨੀਸ਼ ਸਿਸੋਦੀਆ ਭਾਰਤ ਦੇ ਪਹਿਲੇ ਅਜਿਹੇ ਸਿੱਖਿਆ ਮੰਤਰੀ ਹਨ ਜਿਨ੍ਹਾਂ ਨੇ ਵਿਸ਼ਵ ਵਿਚ ਭਾਰਤ ਦਾ ਮਾਣ ਵਧਾਇਆ ਹੈ, ਪਰ ਭਾਜਪਾ ਇਸ ਤੋਂ ਬੁਖਲਾਹਟ ਵਿਚ ਆ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਸੀਬੀਆਈ ਨੂੰ ਸਿੱਖਿਆ ਮੰਤਰੀ ਦੇ ਘਰ ਭੇਜਣਾ ‘ਸ਼ਰਮਨਾਕ’ ਹੈ। ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮਨੀਸ਼ ਸਿਸੋਦੀਆ ਸੀਬੀਆਈ ਛਾਪੇ ਤੋਂ ਡਰਨ ਵਾਲੇ ਨਹੀਂ ਹਨ।