ਲੁਧਿਆਣਾ, 13 ਫਰਵਰੀ

ਸੂਬਾ ਸਰਕਾਰ ਵੱਲੋਂ ਇੱਥੇ ਕਰਵਾਈ ਗਈ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਜਿੱਥੇ ਲੋੜ ਹੋਵੇਗੀ ਸਰਕਾਰ ਆਪਣੇ ਪੱਧਰ ’ਤੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪ ਲਾਈਨ ਵਿਛਾਏਗੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਹੋਏ ਇਸ ਸਮਾਗਮ ਦੌਰਾਨ ਕਰੀਬ 14 ਹਜ਼ਾਰ ਕਿਸਾਨਾਂ ਨੇ ਹਿੱਸਾ ਲਿਆ ਅਤੇ ਆਪਣੇ ਸੁਝਾਅ ਦਿੱਤੇ। ਇਸ ਦੌਰਾਨ 20 ਤੋਂ ਵੱਧ ਗਰੁੱਪ ਬਣਾਏ ਗਏ ਸਨ। ਕਿਸਾਨਾਂ ਨੇ ਖੇਤਾਂ ਵਿੱਚ ਕੰਮ ਕਰਨ ਸਣੇ ਹੋਰ ਅਨੁਭਵ ਵੀ ਦੱਸੇ। ਇਸ ਮਿਲਣੀ ਦਾ ਮੁੱਖ ਮਕਸਦ ਸਰਕਾਰ ਤੇ ਕਿਸਾਨਾਂ ਵਿਚਾਲੇ ਸਿੱਧਾ ਰਾਬਤਾ ਕਾਇਮ ਕਰਨਾ ਸੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਏਯੂ ਦੇ ਮੈਦਾਨ ਵਿੱਚ ਬਣਾਏ ਗਰੁੱਪਾਂ ਦੇ ਹਾਲ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕੋਲੋਂ ਸੁਝਾਅ ਲਏ। ਕਿਸਾਨਾਂ ਨੇ ਨਹਿਰੀ ਪਾਣੀ ਨਾਲ ਸਿੰਜਾਈ ’ਤੇ ਵਧਾਉਣ ਸਣੇ ਬਾਸਮਤੀ ਦੀ ਕਾਸ਼ਤ ਅਤੇ ਨਵੇਂ ਬੀਜਾਂ ’ਤੇ ਵੀ ਚਰਚਾ ਕੀਤੀ। ਕਣਕ-ਝੋਨੇ ਦੇ ਫ਼ਸਲੀ ਚੱਕਰ ਦੇ ਖ਼ਾਤਮੇ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ  ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਜ਼ਿਆਦਾਤਰ ਸੁਝਾਅ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਬਿਜਲੀ ਸਮੇਂ ਸਿਰ ਦੇਣ, ਨਕਲੀ ਬੀਜਾਂ ਤੇ ਕੀਟਨਾਸ਼ਕਾਂ ’ਤੇ ਸਖ਼ਤੀ, ਖਾਦ, ਤੇਲ, ਦਾਲਾਂ, ਆਲੂ, ਜੈਵਿਕ ਖੇਤੀ ਤੇ ਐਮਐਸਪੀ ਦਿਵਾਉਣ ਬਾਰੇ ਹੀ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫ਼ੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਨਾਲ ਜਿੱਥੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਪਾਣੀ ਦੀ ਵੀ ਬੱਚਤ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈਟੀਓ, ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਵੀ ਮੌਜੂਦ ਸਨ।