ਸ੍ਰੀ ਆਨੰਦਪੁਰ ਸਾਹਿਬ, 20 ਮਾਰਚ
ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਪੂਰੇ ਖਾਲਸਈ ਜਾਹੋ-ਜਲਾਲ ਨਾਲ ਸੰਪੂਰਨ ਹੋ ਗਿਆ। 14 ਮਾਰਚ ਤੋਂ ਸ਼ੁਰੂ ਹੋਏ ਹੋਲੇ-ਮਹੱਲੇ ਦੇ ਆਖਰੀ ਦਿਨ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਵੀ ਸਜਾਇਆ ਗਿਆ।
ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ’ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਸਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਸ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਮੁੱਚੀ ਸਿੱਖ ਕੌਮ ਨੂੰ ਸੰਗਠਿਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਨੂੰ ਵਿਵਾਦਾਂ ’ਚ ਨਾ ਉਲਝ ਕੇ, ਸਗੋਂ ਸੰਵਾਦ ਰਾਹੀਂ ਸਾਰੇ ਮਸਲੇ ਹੱਲ ਕਰਨੇ ਚਾਹੀਦੇ ਹਨ।
ਇਸ ਮਗਰੋਂ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਘੋੜਿਆਂ ’ਤੇ ਸਵਾਰ ਹੋ ਕੇ ਮਹੱਲਾ ਕੱਢਿਆ, ਜੋ ਗੁਰਦੁਆਰਾ ਸ਼ਹੀਦੀ ਬਾਗ਼ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਹੁੰਦਾ ਹੋਇਆ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਪਹੁੰਚ ਕੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਮੁੱਚੇ ਦਲਾਂ ਦੇ ਮੁਖੀਆਂ ਤੇ ਮਹੱਲੇ ’ਚ ਸ਼ਾਮਲ ਹੋਣ ਪਹੁੰਚੇ ਨਿਹੰਗ ਸਿੰਘਾਂ ਦਾ ਧੰਨਵਾਦ ਕੀਤਾ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤ ਨੂੰ ਅੰਮ੍ਰਿਤ ਛਕ ਕੇ ਸ਼ਸਤਰਧਾਰੀ ਹੋਣ ਦੀ ਅਪੀਲ ਕੀਤੀ। ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਇਸ ਵਾਰ 25 ਤੋਂ 30 ਲੱਖ ਸ਼ਰਧਾਲੂਆਂ ਨੇ ਵੱਖ-ਵੱਖ ਗੁਰਦੁਆਰਿਆਂ ਵਿੱਚ ਹਾਜ਼ਰੀ ਲਗਵਾਈ ਹੈ।