ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਖ਼ਿਲਾਫ਼ ਉੱਭਰੀਆਂ ਸੁਰਾਂ ਦਰਮਿਆਨ ਹੁਣ ਚੁਰਾਸੀ ਕਤਲੇਆਮ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਦੇ ਹੱਕ ਵਿਚ ਦਿੱਲੀ ਦੇ ਜੰਤਰ-ਮੰਤਰ ਵਿਚ 3 ਨਵੰਬਰ ਨੂੰ ਰੋਸ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਇਸ ਮੁੱਦੇ ਨੂੰ ਕੌਮੀ ਪੱਧਰ ’ਤੇ ਉਠਾਉਣਾ ਚਾਹੁੰਦਾ ਹੈ। ਇਸ ਸਬੰਧ ਵਿਚ ਪਹਿਲਾਂ ਇਕ ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਚ ਅਰਦਾਸ ਕੀਤੀ ਜਾਵੇਗੀ। ਪਾਰਟੀ ਵਲੋਂ ਭਲਕੇ ਦਮਦਮਾ ਸਾਹਿਬ ’ਚ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ। ਦੋ ਨਵੰਬਰ ਦੀ ਸ਼ਾਮ ਨੂੰ ਪੰਜਾਬ ਦੇ ਅਕਾਲੀ ਵਰਕਰ ਦਿੱਲੀ ਲਈ ਰਵਾਨਾ ਹੋਣਗੇ। ਸ਼੍ਰੋਮਣੀ ਅਕਾਲੀ ਦਲ ਵਲੋਂ ਹਦਾਇਤਾਂ ਹਨ ਕਿ ਹਰ ਹਲਕਾ ਇੰਚਾਰਜ ਤੇ ਵਿਧਾਇਕ ਆਪੋ-ਆਪਣੇ ਹਲਕੇ ਵਿਚੋਂ ਘੱਟੋ-ਘੱਟ ਇੱਕ ਬੱਸ ਲੈ ਕੇ ਦਿੱਲੀ ਪੁੱਜਣ। ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ ਦੇ ਅਕਾਲੀ ਆਗੂ ਤੇ ਵਰਕਰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ ਜਦਕਿ ਹੋਰ ਸੱਤ ਜ਼ਿਲ੍ਹਿਆਂ ਰੋਪੜ, ਮੁਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਪਟਿਆਲਾ ਤੇ ਲੁਧਿਆਣਾ ਦੇ ਵਰਕਰ ਅਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਚਾਲੇ ਪਾਉਣਗੇ। ਮਾਲਵਾ ਦੇ ਅੱਠ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਮੁਕਤਸਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਰਨਾਲਾ ਤੇ ਸੰਗਰੂਰ ਦੇ ਵਰਕਰਾਂ ਦਾ ਦਮਦਮਾ ਸਾਹਿਬ ਤੋਂ ਦਿੱਲੀ ਵੱਲ ਰਵਾਨਾ ਹੋਣ ਦਾ ਪ੍ਰੋਗਰਾਮ ਹੈ। ਇਸ ਤੋਂ ਇਲਾਵਾ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਵੀ ਜੰਤਰ ਮੰਤਰ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚ ਕੁੱਝ ਹਲਕਿਆਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਦਾ ਕਹਿਣਾ ਹੈ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਨਵੰਬਰ ਦੇ ਦਿੱਲੀ ਦੇ ਪ੍ਰੋਗਰਾਮ ਦੀ ਰਣਨੀਤੀ ਤੋਂ ਜਾਣੂ ਕਰਵਾ ਦਿੱਤਾ ਹੈ। ਅਤੇ ਹਰ ਹਲਕੇ ’ਚੋਂ 100-100 ਵਰਕਰ ਦਿੱਲੀ ਧਰਨੇ ਲਈ ਰਵਾਨਾ ਹੋਣਗੇ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦੇ ਇਸ ਪ੍ਰੋਗਰਾਮ ’ਚ ਬਾਗ਼ੀ ਸੁਰਾਂ ਵਾਲੇ ਆਗੂਆਂ ਦੇ ਗ਼ੈਰਹਾਜ਼ਰ ਰਹਿਣ ਦੀ ਸੰਭਾਵਨਾ ਹੈ।
ਕਿਸ ਦੇ ਖ਼ਿਲਾਫ਼ ਹੋਵੇਗਾ ‘ਜੰਤਰ-ਮੰਤਰ’ ਦਾ ਧਰਨਾ ?
ਸਿਆਸੀ ਹਲਕਿਆਂ ਵਿਚ ਇਸ ਗੱਲੋਂ ਵੀ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਧਰਨਾ ਕਿਸ ਖ਼ਿਲਾਫ਼ ਦੇਵੇਗਾ। ਦਿੱਲੀ ਵਿਚ ਧਰਨੇ ਦਾ ਮਤਲਬ ਕੇਂਦਰ ਸਰਕਾਰ ਖ਼ਿਲਾਫ਼ ਰੋਸ ਦੇ ਪ੍ਰਗਟਾਵੇ ਵਜੋਂ ਵੀ ਕੱਢਿਆ ਜਾ ਸਕਦਾ ਹੈ, ਪਰ ਕੇਂਦਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਭਾਜਪਾ ਦੀ ਹੀ ਸਰਕਾਰ ਹੈ। ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਵਿਚ ਅਕਾਲੀ ਦਲ ਦੇ ਭਾਈਵਾਲਾਂ ਦੀ ਸਰਕਾਰ ਹੋਣ ਦੇ ਬਾਵਜੂਦ ਕੋਈ ਠੋਸ ਕਦਮ ਇਸ ਮਾਮਲੇ ਬਾਰੇ ਨਹੀਂ ਚੁੱਕਿਆ ਗਿਆ ਤੇ ਨਾ ਹੀ ਅਕਾਲੀਆਂ ਨੇ ਸੂਬੇ ਵਿਚ ਭਾਜਪਾ ਨਾਲ ਗੱਠਜੋੜ ਸਰਕਾਰ ਹੋਣ ਦੌਰਾਨ ਕੋਈ ਠੋਸ ਕਾਰਵਾਈ ਕੀਤੀ।