ਚੰਡੀਗੜ੍ਹ, 17 ਮਾਰਚ

ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣ ਦੀ ਤਜਵੀਜ਼ ਸਬੰਧੀ ਉੱਠੇ ਵਿਵਾਦ ਮਗਰੋਂ ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਜਵਾਨਾਂ ਨੂੰ ਆਪਣੇ ਬਚਾਅ ਲਈ ਇਹ ਹੈਲਮਟ ਪਹਿਨਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੜਾਕੂ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਸਾਰੇ ਪਾਇਲਟ ਅਤੇ ਜਵਾਨ ਉਨ੍ਹਾਂ ਖੇਤਰਾਂ ਵਿੱਚ ਤਾਇਨਾਤ ਹਨ, ਜਿੱਥੇ ਦੁਸ਼ਮਣਾਂ ਦੇ ਹਮਲਿਆਂ ਦੀ ਸੰਭਾਵਨਾ ਹੈ ਜਾਂ ਉਹ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਕਰ ਰਹੇ ਹਨ। ਇਸ ਲਈ ਉਨ੍ਹਾਂ ਦੀ ਨਿੱਜੀ ਸੁਰੱਖਿਆ ਲਈ ਬੁਲੇਟ ਪਰੂਫ ਹੈਲਮਟ ਪਾਉਣਾ ਲਾਜ਼ਮੀ ਹੈ।  ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਅੱਜ ਲੋਕ ਸਭਾ ਵਿੱਚ ਪੁੱਛੇ ਗਏ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਇਹ ਗੱਲ ਆਖੀ। ਉਨ੍ਹਾਂ ਸਵਾਲ ਕੀਤਾ ਸੀ ਕਿ ਕੀ ਸਰਕਾਰ ਦੀ ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਲਾਜ਼ਮੀ ਕਰਨ ਦੀ ਤਜਵੀਜ਼ ਹੈ।