ਅੰਮ੍ਰਿਤਸਰ, ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਇੱਥੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਬਾਬਾ ਧੁੰਮਾ ਨੇ ਕਿਹਾ ਕਿ ਅਕਾਲ ਤਖ਼ਤ ਸਿੱਖ ਕੌਮ ਦੀ ਸੁਪਰੀਮ ਸੰਸਥਾ ਹੈ, ਜਿਹੜੀ ਕਿਸੇ ਵੀ ਸਰਕਾਰੀ ਕਮਿਸ਼ਨ ਦੇ ਦਾਇਰੇ ਵਿੱਚ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਈ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਹੈ। ਇਸ ਦੇ ਇਤਿਹਾਸ, ਪਰੰਪਰਾ ਅਤੇ ਰੁਤਬੇ ਪ੍ਰਤੀ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀਆਂ ਅਹਿਮ ਧਾਰਮਿਕ ਸੰਸਥਾਵਾਂ ਨੂੰ ਕਮਿਸ਼ਨਾਂ ਦੇ ਚੱਕਰ ਵਿੱਚ ਉਲਝਾ ਕੇ ਇਨ੍ਹਾਂ ਸੰਸਥਾਵਾਂ ਦਾ ਅਹਿਮ ਰੁਤਬਾ ਘਟਾਉਣ ਦੀ ਦਮਦਮੀ ਟਕਸਾਲ ਅਤੇ ਸੰਤ ਸਮਾਜ ਸਖ਼ਤ ਨਿਖੇਧੀ ਕਰਦਾ ਹੈ।