ਚੰਡੀਗੜ੍ਹ, 7 ਮਾਰਚ
ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਪਿਤਾ ਬਲਕੌਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਫ਼ਰਾਰ ਹਨ। ਜਾਂਚ ਏਜੰਸੀਆਂ ਵੱਲੋਂ ਕੁਝ ਵੀ ਠੋਸ ਨਹੀਂ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਵੀ ਕੀਤੀ। ਸ੍ਰੀ ਬਲਕੌਰ ਸਿੰਘ ਤੇ ਉਨ੍ਹਾਂ ਦੀ ਪਤਨੀ ਚਰਨ ਕੌਰ ਨੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਦੇ ਨਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂ ਵੀ ਸਨ।
ਇਸ ਦੌਰਾਨ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ 20 ਮਾਰਚ ਤੋਂ ਬਾਅਦ ਮਿਲਾਉਣ ਦਾ ਭਰੋਸਾ ਦਿਵਾਉਣ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਲਾਇਆ ਧਰਨਾ ਚੁੱਕ ਲਿਆ ਹੈ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜੇ ਇਸ ਵਾਰ ਵੀ ਸਰਕਾਰ ਨੇ ਸਿਰਫ਼ ਵਾਅਦਾ ਹੀ ਕੀਤਾ ਤਾਂ ਉਹ ਲੋਕਾਂ ਦੇ ਘਰ ਘਰ ਜਾ ਕੇ ਇਨਸਾਫ਼ ਦੀ ਮੰਗ ਕਰਨਗੇ।