ਚੰਡੀਗੜ੍ਹ, 20 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ, ਕਾਂਗਰਸੀ ਆਗੂ ਸੁਨੀਲ ਜਾਖੜ ਨੇ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਦੇ ਉਸ ਕਥਿਤ ਬਿਆਨ ’ਤੇ ਸਵਾਲ ਉਠਾਏ ਹਨ ਜਿਸ ਵਿਚ ਸ੍ਰੀ ਰਾਵਤ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਨ ਦੀ ਗੱਲ ਆਖੀ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਰਾਵਤ ਦੇ ਬਿਆਨ ਨੂੰ ਹੈਰਾਨੀਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਨਾਲ ਮੁੱਖ ਮੰਤਰੀ ਦੇ ਅਧਿਕਾਰ ਘੱਟ ਹੋਣ ਦਾ ਖ਼ਦਸ਼ਾ ਹੈ। ਸ੍ਰੀ ਜਾਖੜ ਨੇ ਟਵੀਟ ਕੀਤਾ, ‘‘ਚਰਨਜੀਤ ਸਿਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣ ਵਾਲੇ ਦਿਨ, ਸ੍ਰੀ ਰਾਵਤ ਦਾ ‘ਸਿੱਧੂ ਦੀ ਅਗਵਾਈ ਵਿਚ ਚੋਣਾਂ ਲੜਨ ਵਾਲਾ ਬਿਆਨ’ ਕਾਫੀ ਹੈਰਾਨ ਕਰਨ ਵਾਲਾ ਹੈ। ਇਹ ਨਾ ਸਿਰਫ਼ ਮੁੱਖ ਮੰਤਰੀ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਸਕਦਾ ਹੈ ਬਲਕਿ ਇਸ ਅਹੁਦੇ ਲਈ ਉਨ੍ਹਾਂ ਦੀ ਚੋਣ ਨੂੰ ਵੀ ਨਕਾਰੇਗਾ।’’