ਪੰਜਾਬ ਵਿਧਾਨ ਸਭਾ ’ਚ ਅੱਜ ਵੀਰਵਾਰ ਪੰਜਵੇਂ ਦਿਨ ਖੂਬ ਹੰਗਾਮਾ ਹੋਇਆ। ਸੀਚੇਵਾਲ ਮਾਡਲ ‘ਤੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਗਿਆ। ਆਮ ਆਦਮੀ ਪਾਰਟੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ ਅਤੇ ਮਾਫੀ ਮੰਗਣ ਲਈ ਕਿਹਾ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਕਹਿੰਦੇ ਨਜ਼ਰ ਆਏ ਕਿ ਉਹ ਆਪਣੇ ਬਿਆਨ ‘ਤੇ ਕਾਇਮ ਹਨ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਚੇਵਾਲ ਖਿਲਾਫ਼ ਇੱਕ ਵੀ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਜਵਾ ਦੇ ਬਿਆਨ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੰਤਰੀ ਬੈਂਸ ਨੇ ਕਿਹਾ ਕਿ ਸੰਤ ਸੀਚੇਵਾਲ ਨੇ 160 ਕਿਲੋਮੀਟਰ ਲੰਮੀ ਕਾਲੀ ਬੇਈਂ ਨਦੀ ਨੂੰ ਸਾਫ ਕੀਤਾ ਹੈ। ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਵੀ ਉਨ੍ਹਾਂ ਦੇ ਕੰਮ ਵੇਖਣ ਆਏ ਅਤੇ ਉਨ੍ਹਾਂ ਨੇ ਵੀ ਸੰਤ ਸੀਚੇਵਾਲ ਦੀ ਸ਼ਲਾਘਾ ਕੀਤੀ। ਟਾਈਮ ਮੈਗਜ਼ੀਨ ਨੇ ਵੀ ਉਨ੍ਹਾਂ ਦੇ ਕੰਮ ਦੀ ਤਾਰੀਫ ਕੀਤੀ ਹੈ ਅਤੇ ਉਨ੍ਹਾਂ ਨੂੰ ‘ਪਦਮ ਸ਼੍ਰੀ’ ਐਵਾਰਡ ਨਾਲ ਵੀ ਨਿਵਾਜਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਸਵਾਲ ਉਠਾਇਆ ਕਿ ਕੀ ਸੰਤ ਸੀਚੇਵਾਲ ਖਿਲਾਫ ਬਿਆਨ ਪੂਰੀ ਕਾਂਗਰਸ ਦਾ ਹੈ ਜਾਂ ਸਿਰਫ਼ ਬਾਜਵਾ ਦਾ ਹੈ ਨਿੱਜੀ ਵਿਚਾਰ ਹੈ? ਇਸ ਮਗਰੋਂ ਬਾਜਵਾ ਦੇ ਬਿਆਨ ‘ਤੇ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਗਈ। ਬਾਜਵਾ ਦੇ ਜਾਣ ਮਗਰੋਂ ਕਾਂਗਰਸੀ ਵਿਧਾਇਕ ਸਦਨ ਵਿਚ ਬੈਠੇ ਰਹੇ ਅਤੇ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਦੇ ਬਿਆਨ ਦਾ ਸਮਰਥ ਨਹੀਂ ਕਰਦੇ।
ਇਸ ਤੋਂ ਪਹਿਲਾਂ ਨਕੋਦਰ ਤੋਂ ਵਿਧਾਇਕਾ ਇੰਦਰ ਕੌਰ ਨੇ ਸਦਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਬਿਆਨ ‘ਤੇ ਇਤਰਾਜ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਜਵਾ ਨੇ ਸੰਤ ਸੀਚੇਵਾਲ ਬਾਰੇ ਗਲਤ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਇੱਕ ਜੱਜ ਨੇ 2025 ਵਿਸ਼ਵ ਜਲ ਦਿਵਸ ਮੌਕੇ ਕਿਹਾ ਸੀ ਕਿ ਸੀਚੇਵਾਲ ਮਾਡਲ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਇਸ ‘ਤੇ ਸਪੀਕਰ ਨੇ ਕਿਹਾ ਕਿ ਕਿਸੇ ਦੇ ਬਿਆਨ ‘ਤੇ ਇਤਰਾਜ਼ ਹੋ ਸਕਦਾ ਹੈ ਪਰ ਉਸ ਦੀ ਮੌਜੂਦਗੀ ‘ਤੇ ਸਵਾਲ ਨਹੀਂ ਉਠਾਇਆ ਜਾ ਸਕਦਾ। ਪ੍ਰਤਾਪ ਸਿੰਘ ਬਾਜਵਾ ਆਪਣੇ ਬਿਆਨ ‘ਤੇ ਅੜੇ ਰਹੇ ਅਤੇ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਸਪੱਸ਼ਟੀਕਰਨ ਨਹੀਂ ਦੇਣਗੇ।