ਚੰਡੀਗੜ੍ਹ- ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ (ਆਪ) ਤੋਂ ਬਾਗੀ ਚਲੇ ਆ ਰਹੇ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਦਿਨੀਂ ਮੁਢਲੀ ਮੈਂਬਰਸਿ਼ਪ ਤੋਂ ਅਸਤੀਫਾ ਦੇਣ ਬਾਅਦ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ। ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਨਾਮ ‘ਪੰਜਾਬੀ ਏਕਤਾ ਪਾਰਟੀ’ ਦਾ ਐਲਾਨ ਕੀਤਾ। ਉਨ੍ਹਾਂ ਵੱਲੋਂ ਇਹ ਐਲਾਨ ਅੱਜ ਚੰਡੀਗੜ੍ਹ `ਚ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ 6 ਵਿਧਾਇਕ ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸਾਹੀਆ, ਪਰਿਮਲ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ ਜੱਗਾ ਹੀਸੋਵਾਲ ਅਤੇ ਜਗਦੇਵ ਸਿੰਘ ਕਮਾਲੂ ਹਾਜ਼ਰ ਸਨ।ਇਸ ਮੌਕੇ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਪੰਜਾਬ `ਚ ਕਿਸਾਨਾਂ ਦੀ ਆਤਮ ਹੱਤਿਆ ਦੇ ਕਰਜ਼ੇ ਦਾ ਹੱਲ ਲੱਭਿਆ ਜਾਵੇਗਾ, ਜਿਸ ਨਾਲ ਆਤਮ ਹੱਤਿਆ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਕੈਸ਼ ਟ੍ਰਾਂਸਫਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ `ਚ ਬੱਸ ਮਾਫੀਆ, ਮਾਈਨਿੰਗ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਸੂਬਿਆਂ ਨੂੰ ਵਾਧੂ ਅਧਿਕਾਰਾਂ ਦੀ ਵਿਕਾਲਤ ਕਰਦਿਆਂ ਕਿਹਾ ਕਿ ਸੂਬਿਆਂ ਨੂੰ ਵੱਧ ਅਧਿਕਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ `ਚ ਫੈਲੇ ਭ੍ਰਿਸ਼ਟਾਚਾਰ ਕਾਰਨ ਪਿੰਡਾਂ ਦਾ ਵਿਕਾਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।