ਵੱਡੇ ਬਾਦਲ ਦੀ ਹਾਜ਼ਰੀ ਵਿਚ ‘ਸਰਬਸੰਮਤੀ’ ਨਾਲ ਹੋਇਆ ਫ਼ੈਸਲਾ
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ‘ਕੁਰਸੀ’ ਕਾਇਮ ਰੱਖਣ ਲਈ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਮੋਹਰ ਲਵਾ ਲਈ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਮੁੱਚੀ ਪਾਰਟੀ ‘ਪ੍ਰਧਾਨ’ ਨਾਲ ਖੜ੍ਹੀ ਹੈ ਅਤੇ ਕਿਸੇ ਨੇ ਅਸਤੀਫ਼ਾ ਨਹੀਂ ਮੰਗਿਆ ਹੈ। ਕੋਰ ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਦਿੱਤੇ ਅਸਤੀਫ਼ੇ ਜਲਦਬਾਜ਼ੀ ਵਿੱਚ ਪ੍ਰਵਾਨ ਕਰਨ ਦੀ ਵੀ ਕੋਈ ਜ਼ਰੂਰਤ ਨਹੀਂ ਹੈ ਅਤੇ ਮਾਮਲਾ ਆਪਣੇ ਆਪ ਠੰਢਾ ਪੈ ਜਾਵੇਗਾ। ਉਨ੍ਹਾਂ ਮਾਝੇ ਦੇ ਤਿੰਨ ਸੀਨੀਅਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀਆਂ ਦਲੀਲਾਂ ਅਤੇ ਪਾਰਟੀ ਪ੍ਰਧਾਨ ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਤਾਜ਼ਾ ਘਟਨਾਕ੍ਰਮ ਤੋਂ ਇਹ ਵੀ ਝਲਕ ਪੈਂਦੀ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼ ਕਰਨਾ ਸੋਚੀ-ਸਮਝੀ ਰਣਨੀਤੀ ਸੀ ਅਤੇ 24 ਘੰਟਿਆਂ ਦੇ ਅੰਦਰ ਹੀ ਪ੍ਰਧਾਨ ਬਣੇ ਰਹਿਣ ਦਾ ਫਤਵਾ ਵੀ ਲੈ ਲਿਆ ਗਿਆ। ਕੋਰ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ। ਪਾਰਟੀ ਦੇ ਸਿਆਸੀ ਫ਼ੈਸਲੇ ਲੈਣ ਵਾਲੀ ਇਸ ਅਹਿਮ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਲਏ ਗਏ ਸਪੱਸ਼ਟ ਸਟੈਂਡ ਨੇ ਪਾਰਟੀ ਦੇ ਟਕਸਾਲੀ ਆਗੂਆਂ ਅਤੇ ਬਾਦਲ ਪਰਿਵਾਰ ਦਰਮਿਆਨ ਸਿੱਧੀ ਲਕੀਰ ਵੀ ਖਿੱਚ ਦਿੱਤੀ ਹੈ। ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹੀ ਫ਼ੈਸਲਾ ਕੀਤਾ ਗਿਆ ਕਿ ਮਾਝੇ ਨਾਲ ਸਬੰਧਤ ਅਕਾਲੀ ਨੇਤਾਵਾਂ ਜਾਂ ਹੋਰਨਾਂ ਦੀਆਂ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਜਾਵੇ। ਅਕਾਲੀ ਦਲ ਦੇ ਆਗੂਆਂ ਨੇ ਬਰਗਾੜੀ ਕਾਂਡ ਤੋਂ ਹੋ ਰਹੇ ਨੁਕਸਾਨ ਦੀ ਪੂਰਤੀ ਲਈ ਪੰਥਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਦੀ ਰਣਨੀਤੀ ਵੀ ਬਣਾਈ ਹੈ। ਇਸੇ ਤਰ੍ਹਾਂ ਸਰਕਾਰ ’ਤੇ ਬਾਰ੍ਹਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਉਂਦਿਆਂ ਸਰਕਾਰ ਖਿਲਾਫ਼ ਪਹਿਲੀ ਨਵੰਬਰ ਤੋਂ ਹੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਅਕਾਲੀ ਦਲ ਵੱਲੋਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਕਮੇਟੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਕਮੇਟੀ ਦੇ ਨੁਮਾਇੰਦਿਆਂ ਨੇ ਅਸਤੀਫ਼ਾ ਦੇ ਦਿੱਤਾ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਸਿੱਖ ਸੰਸਥਾਵਾਂ ਨੂੰ ਢਾਹ ਲਾਈ ਸੀ ਅਤੇ ਹੁਣ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।
ਕਿਤਾਬਾਂ ਸਬੰਧੀ ਮੁੱਖ ਮੰਤਰੀ ਵੱਲੋਂ ਨਿਰਦੇਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11ਵੀਂ ਅਤੇ 12ਵੀਂ ਵਾਸਤੇ ਇਤਿਹਾਸ ਦੀਆਂ ਮੌਜੂਦਾ ਕਿਤਾਬਾਂ ਨੂੰ ਜਾਰੀ ਰੱਖਣ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਮਾਹਿਰ ਗਰੁੱਪ ਇਨ੍ਹਾਂ ਦਾ ਜਾਇਜ਼ਾ ਲੈ ਰਿਹਾ ਹੈ। ਮੌਜੂਦਾ ਅਕਾਦਮਿਕ ਸਾਲ ਦਾ ਅੱਧਾ ਵਰ੍ਹਾ ਲੰਘ ਜਾਣ ਕਰਕੇ ਵਿਦਿਆਰਥੀਆਂ ’ਚ ਸਿਲੇਬਸ ਨੂੰ ਲੈ ਕੇ ਭੰਬਲ ਭੂਸਾ ਹੈ ਜਿਸ ਕਰਕੇ ਇਹ ਨਿਰਦੇਸ਼ ਜਾਰੀ ਕਰਨੇ ਪਏ। ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਵੀ ਆਖਿਆ ਹੈ ਕਿ ਮਾਹਿਰ ਗਰੁੱਪ ਅਤੇ ਸਰਕਾਰ ਵੱਲੋਂ ਪ੍ਰਵਾਨਿਤ ਕਿਤਾਬਾਂ ਹੀ ਪ੍ਰਕਾਸ਼ਿਤ ਕੀਤੀਆਂ ਜਾਣ।
ਬੈਠਕ ਰਾਹੀਂ ਸ਼ਕਤੀ ਪ੍ਰਦਰਸ਼ਨ
ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਇੱਕ ਤਰ੍ਹਾਂ ਨਾਲ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਸੀਨੀਅਰ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਸਤੀਫ਼ਿਆਂ ਮਗਰੋਂ ਹੋਈ ਮੀਟਿੰਗ ਵਿੱਚ ਹਾਜ਼ਰੀ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਅੱਜ ਦੀ ਮੀਟਿੰਗ ਵਿੱਚ ਗੋਬਿੰਦ ਸਿੰਘ ਲੌਂਗੋਵਾਲ, ਕਿਰਪਾਲ ਸਿੰਘ ਬਡੂੰਗਰ, ਅਵਤਾਰ ਸਿੰਘ ਮੱਕੜ, ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬੀ ਉਪਿੰਦਰਜੀਤ ਕੌਰ, ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਹਰੀ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ ਆਦਿ ਸ਼ਾਮਲ ਸਨ।