ਰੂਪਨਗਰ, ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਪਰ ਕਿਸੇ ਨੇ ਉਨ੍ਹਾਂ ਤੋਂ ਅਸਤੀਫਾ ਨਹੀਂ ਮੰੰਗਿਆ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਦਾ ਸੰਕਟ ਸੁਹਿਰਦਤਾ ਪੂਰਨ ਢੰਗ ਨਾਲ ਹੱਲ ਕਰ ਲਿਆ ਜਾਵੇਗਾ ਅਤੇ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਦੱਸਿਆ ਕਿ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦੁਣ ਲਈ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਲੈ ਕੇ ਆਉਣਗੇ। ਪਹਿਲਾਂ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿੱਚ ਸਰਕਲ ਰੂਪਨਗਰ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਚੰਦੂਮਾਜਰਾ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰੰਘ ਚੀਮਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਨ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਪਹਿਲੀ ਨਵੰਬਰ ਨੂੰ ਪੰਜੇ ਤਖ਼ਤ ਸਹਿਬਾਨਾਂ ’ਤੇ ਅਰਦਾਸ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਵੱਲੋਂ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ 3 ਨਵੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਧਰਨਾ ਲਾਇਆ ਜਾਵੇਗਾ।