ਗੁਰੂਸਰ ਸੁਧਾਰ, 15 ਨਵੰਬਰ

ਫ਼ਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਦੇ ਕਿਸਾਨਾਂ ਨਾਲ ਹੋਏ ਟਕਰਾਅ ਦੀ ਗੱਲ ਹਾਲੇ ਮੱਠੀ ਨਹੀਂ ਪਈ ਕਿ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰੀਂਹ ਦੇ ਮੈਰਿਜ ਪੈਲੇਸ ਵਿੱਚ ਰੱਖੇ ਰਾਜਨੀਤਿਕ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਆਲ ਕਰਨ ਪੁੱਜੇ ਅੰਦੋਲਨਕਾਰੀ ਕਿਸਾਨ ਆਗੂਆਂ ਨਾਲ ਧੱਕਾ-ਮੁੱਕੀ ਦੌਰਾਨ ਪੁਲੀਸ ਮੁਲਾਜ਼ਮ ਨੇ ਕਿਸਾਨ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਪੱਗ ਉਤਾਰ ਦਿੱਤੀ। ਇਸ ਤੋਂ ਭੜਕੇ ਅੰਦੋਲਨਕਾਰੀਆਂ ਨੇ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਉੱਪਰ ਆਵਾਜਾਈ ਠੱਪ ਕਰ ਦਿੱਤੀ। ਉੱਚ ਪੁਲੀਸ ਅਧਿਕਾਰੀਆਂ ਵੱਲੋਂ ਕਿਸਾਨ ਆਗੂ ਦੀ ਪੱਗ ਲਾਹੁਣ ਵਾਲੇ ਪੁਲੀਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਦਾ ਭਰੋਸਾ ਮਿਲਣ ਮਗਰੋਂ ਹੀ ਕਿਸਾਨਾਂ ਨੇ ਆਵਾਜਾਈ ਬਹਾਲ ਕੀਤੀ।

ਪਿੰਡ ਸਰੀਂਹ ਦੇ ਇਕ ਮੈਰਿਜ ਪੈਲੇਸ ‘ਚ ਰਾਜਨੀਤਿਕ ਸਮਾਗਮ ਵਿੱਚ ਸ਼ਾਮਲ ਹੋਣ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਆਲ ਕਰਨ ਪੁੱਜੇ ਸੰਯੁਕਤ ਕਿਸਾਨ ਮੋਰਚੇ, ਜਮਹੂਰੀ ਕਿਸਾਨ ਸਭਾ ਦੇ ਆਗੂਆਂ ਅਤੇ ਇਲਾਕੇ ਦੇ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੀ ਥਾਂ ਪੁਲੀਸ ਪ੍ਰਸ਼ਾਸਨ ਨੇ ਦੋ ਘੰਟੇ ਬੰਦੀ ਬਣਾ ਕੇ ਰੱਖਿਆ। ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਜਾਰੀ ਪੱਕੇ ਮੋਰਚੇ ਤੋਂ ਜਰਨੈਲ ਕੌਰ, ਪਰਮਜੀਤ ਕੌਰ ਅਤੇ ਸਰਬਜੀਤ ਕੌਰ ਦੀ ਅਗਵਾਈ ਹੇਠ ਪਹੁੰਚੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਗਿਣਤੀ ਵਿੱਚ ਮੌਜੂਦ ਪੁਲੀਸ ਨੇ ਘੇਰਾਬੰਦੀ ਕਰ ਕੇ ਰੋਕੀ ਰੱਖਿਆ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰੋ. ਜੈਪਾਲ ਸਿੰਘ, ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਸਵਾਲ ਕਰਨਾ ਚਾਹੁੰਦੇ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਕੋਲ ਉਨ੍ਹਾਂ ਦੇ ਸੁਆਲਾਂ ਦਾ ਕੋਈ ਜੁਆਬ ਨਹੀਂ ਸੀ, ਇਸੇ ਕਾਰਨ ਬਿਨਾਂ ਮਿਲੇ ਚਲੇ ਗਏ। 

ਵੱਡੀ ਗਿਣਤੀ ਵਿੱਚ ਮੌਜੂਦ ਔਰਤਾਂ, ਕਿਰਤੀਆਂ ਅਤੇ ਕਿਸਾਨਾਂ ਨੇ ਵਿਵਾਦਿਤ ਖੇਤੀ ਕਾਨੂੰਨਾਂ, ਪੂੰਜੀਪਤੀ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਹੋਏ ਹੰਗਾਮੇ ਸਮੇਂ ਕਿਸਾਨ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਪੱਗ ਪੁਲੀਸ ਮੁਲਾਜ਼ਮ ਨੇ ਜਾਣ-ਬੁੱਝ ਕੇ ਉਤਾਰ ਦਿੱਤੀ ਸੀ। ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦੌਰੇ ਮੌਕੇ ਕਿਸਾਨ ਆਗੂ ਦੀ ਪੱਗ ਦਾ ਅਪਮਾਨ ਬੇਹੱਦ ਨਿੰਦਣਯੋਗ ਹੈ। ਪ੍ਰਦਰਸ਼ਨ ਨੂੰ ਜਨਵਾਦੀ ਇਸਤਰੀ ਸਭਾ ਦੀ ਆਗੂ ਕੁਲਜੀਤ ਕੌਰ ਗਰੇਵਾਲ, ਅਮਨਦੀਪ ਕੌਰ, ਗੁਰਮੀਤ ਕੌਰ, ਹਰਵਿੰਦਰ ਕੌਰ, ਸੁਖਵਿੰਦਰ ਕੌਰ, ਦਵਿੰਦਰ ਕੌਰ ਅਤੇ ਮੋਨਿਕਾ ਢਿੱਲੋਂ ਨੇ ਵੀ ਸੰਬੋਧਨ ਕੀਤਾ।