ਅੰਮ੍ਰਿਤਸਰ, 11 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਕਿਸਾਨੀ ਸੰਕਟ ਨੂੰ ਹੱਲ ਕਰਨ ਲਈ ਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਯਤਨ ਕਰ ਰਹੇ ਹਨ। ਉਹ ਅੱਜ ਇੱਥੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਕਟ ਨੂੰ ਹੱਲ ਕਰਨ ਲਈ ਕੋਈ ਧਿਆਨ ਨਾ ਦੇਣ ਕਾਰਨ ਕਿਸਾਨ ਲਾਵਾਰਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਵਾਸਤੇ ਉਨ੍ਹਾਂ ਨਾਲ ਖੁਦ ਗੱਲਬਾਤ ਕਰਨ।
ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੇ ਹੱਲ ਲਈ ਬਣਾਈਮੰਤਰੀਆਂ ਦੀ ਕਮੇਟੀ ਬਾਰੇ ਉਨ੍ਹਾਂ ਆਖਿਆ ਕਿ ਇਹ ਕਮੇਟੀ ਕਿਸਾਨਾਂ ’ਤੇ ਦਬਾਅ ਪਾ ਕੇ ਉਨ੍ਹਾਂ ਨੂੰ ਮਨਾਉਣ ਬਾਰੇ ਹੈ। ਮੁੱਖ ਮੰਤਰੀ ਨੂੰ ਖੁਦ ਦਿੱਲੀ ਜਾ ਕੇ ਕੇਂਦਰ ਸਰਕਾਰ ਨਾਲ ਇਸ ਮਸਲੇ ਦੇ ਹਲ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਆਪਣੇ ਘਰੋਂ ਬਾਹਰ ਹੀ ਨਹੀਂ ਨਿਕਲਦੇ ਹਨ। ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਦਾ ਸਵਾਗਤ ਕੀਤਾ ਅਤੇ ਆਖਿਆ ਸ਼੍ਰੋਮਣੀ ਅਕਾਲੀ ਦਲ ਚੋਣਾਂ ਲਈ ਤਿਆਰ ਹੈ। ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੇ ਕੀਤੇ ਜਾ ਰਹੇ ਦਾਅਵੇ ਬਾਰੇ ਉਨ੍ਹਾਂ ਆਖਿਆ ਕਿ ਭਾਜਪਾ ਹੁਣ ਅਪਣਾ ਇਹ ਸੁਪਨਾ ਪੂਰਾ ਕਰ ਲਵੇ। ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨਾਲ ਚੱਲ ਰਹੀ ਨਾਰਾਜ਼ਗੀ ਅਤੇ ਮੁੜ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਕਿਆਸਰਾਈਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਕਦੇ ਨਹੀਂ ਆ ਸਕਦਾ।