ਬਠਿੰਡਾ, 19 ਨਵੰਬਰ
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਦਰਕਿਨਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਫਿਲਹਾਲ ਬਹੁਜਨ ਸਮਾਜ ਪਾਰਟੀ ਨਾਲ ਹੀ ਗੱਠਜੋੜ ਰਹੇਗਾ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਇਸ ਦਾ ਸਿਹਰਾ ਕਿਸਾਨ ਸੰਘਰਸ਼ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸਾਲ ਭਰ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਜੋਂ ਕੇਂਦਰ ਨੂੰ ਇਹ ਫੈਸਲਾ ਲੈਣਾ ਪਿਆ ਹੈ। ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਹਲਕੇ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਿਸਾਨ ਸੰਘਰਸ਼ ਦੀ ਹਮਾਇਤ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨਾਲ ਗੱਠਜੋੜ ਤੋੜ ਕੇ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਅੰਦੋਲਨ ਦੇ ਹੱਕ ਵਿੱਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਜੋ ਕਿਸਾਨੀ ਸੰਘਰਸ਼ ਨੂੰ ਤਾਕਤ ਦਿੱਤੀ ਗਈ, ਉਸ ਲਈ ਉਹ ਅਤੇ ਮੁਕਾਮੀ ਲੀਡਰਸ਼ਿਪ ਦੋਵਾਂ ਆਗੂਆਂ ਦੀ ਧੰਨਵਾਦੀ ਹੈ।