ਚੰਡੀਗੜ੍ਹ, 28 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ‘ਝੂੰਦਾ ਕਮੇਟੀ’ ਦੀ ਰਿਪੋਰਟ ’ਤੇ ਕਰੀਬ ਪੰਜ ਘੰਟੇ ਚੱਲੇ ਮੰਥਨ ਮਗਰੋਂ ਇਹ ਗੱਲ ਸਾਫ਼ ਹੋ ਗਈ ਹੈ ਕਿ ਪਾਰਟੀ ਦੀ ਲੀਡਰਸ਼ਿਪ ਵਿਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ। ਪੰਜਾਬ ਚੋਣਾਂ ਵਿਚ ਹੋਈ ਹਾਰ ਮਗਰੋਂ ਪਾਰਟੀ ਨੇ ਹਾਰ ਦੀ ਸਮੀਖਿਆ ਲਈ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਕਰੀਬ 100 ਹਲਕਿਆਂ ਵਿਚ ਜਾ ਕੇ ਆਗੂਆਂ ਅਤੇ ਵਰਕਰਾਂ ਤੋਂ ਸੁਝਾਅ ਲਏ ਸਨ। ਬੇਸ਼ੱਕ ਝੂੰਦਾ ਕਮੇਟੀ ਦੀ ਰਿਪੋਰਟ ਪਹਿਲਾਂ ਹੀ ਪੇਸ਼ ਹੋ ਚੁੱਕੀ ਸੀ ਪ੍ਰੰਤੂ ਪਿਛਲੀ ਕੋਰ ਕਮੇਟੀ ਮੀਟਿੰਗ ਵਿਚ ਇਸ ’ਤੇ ਕੋਈ ਚਰਚਾ ਨਹੀਂ ਹੋਈ ਸੀ।

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਰਾਸ਼ਟਰਪਤੀ ਚੋਣਾਂ ਦੇ ਬਾਈਕਾਟ ਮੌਕੇ ਝੂੰਦਾ ਕਮੇਟੀ ਦੀ ਰਿਪੋਰਟ ਬਾਰੇ ਗੱਲ ਕੀਤੀ ਗਈ ਸੀ, ਜਿਸ ਮਗਰੋਂ ਅੱਜ ਕੋਰ ਕਮੇਟੀ ਦੀ ਮੀਟਿੰਗ ਵਿਚ ਝੂੰਦਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਹੋਈ। ਸਿਆਸੀ ਹਲਕਿਆਂ ਵਿਚ ਪਹਿਲਾਂ ਹੀ ਚਰਚਾ ਸੀ ਕਿ ਪਾਰਟੀ ਪ੍ਰਧਾਨ ਨੂੰ ਬਦਲਣਾ ਸੌਖਾ ਨਹੀਂ ਹੋਵੇਗਾ। ਪਿਛਲੀ ਕੋਰ ਕਮੇਟੀ ਦੀ ਮੀਟਿੰਗ ਵਿਚ ਸੰਗਰੂਰ ਜ਼ਿਮਨੀ ਚੋਣ ਵਿਚ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ’ਤੇ ਵੀ ਚਰਚਾ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਨੇ ਅੱਜ ਦੀ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ। ਅਕਾਲੀ ਆਗੂਆਂ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ 42 ਸੁਝਾਓ ਦਿੱਤੇ ਗਏ ਹਨ। ਪਾਰਟੀ ਪ੍ਰਧਾਨ ਨੂੰ ਬਦਲੇ ਜਾਣ ਦਾ ਰਿਪੋਰਟ ਵਿਚ ਕੋਈ ਜ਼ਿਕਰ ਨਹੀਂ ਹੈ ਅਤੇ ਭਵਿੱਖ ਵਿਚ ਪਾਰਟੀ ਪ੍ਰਧਾਨ ਦੀ ਮਿਆਦ ਤੈਅ ਕੀਤੇ ਜਾਣ ਦੀ ਗੱਲ ਜ਼ਰੂਰ ਕਹੀ ਗਈ ਹੈ। ਝੂੰਦਾ ਕਮੇਟੀ ਦੀ ਰਿਪੋਰਟ ’ਚ ਇਹ ਗੱਲ ਪ੍ਰਮੁੱਖਤਾ ਨਾਲ ਕਹੀ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਮੂਲ ਸਿਧਾਂਤਾਂ ਤੋਂ ਭਟਕਿਆ ਹੈ ਅਤੇ ਰਾਜ ਸੱਤਾ ਵਿਚ ਰਹਿਣ ਕਰਕੇ ਕਈ ਕਮੀਆਂ ਆਈਆਂ ਹਨ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਰਿਪੋਰਟ ਇੰਨ ਬਿੰਨ ਲਾਗੂ ਕੀਤੀ ਜਾਵੇਗੀ ਅਤੇ ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਗਏ ਹਨ। ਪਾਰਟੀ ਨੇ ਅੱਜ ਸੰਘੀ ਢਾਂਚੇ ਦੀ ਮਜ਼ਬੂਤੀ, ਸੂਬਿਆਂ ਨੂੰ ਵੱਧ ਅਧਿਕਾਰ ਦੇਣ ਅਤੇ ਘੱਟ ਗਿਣਤੀਆਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਲੜਨ ਦਾ ਫ਼ੈਸਲਾ ਕੀਤਾ। ਪੰਜਾਬ ਦੇ ਬੁਨਿਆਦੀ ਮਸਲਿਆਂ ’ਤੇ ਵੀ ਆਵਾਜ਼ ਬੁਲੰਦ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਆਗੂਆਂ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਲਈ ਇੱਕ ਦੋ ਮੀਟਿੰਗਾਂ ਹੋਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁੱਝ ਲੋਕ ਆਰਐਸਐਸ ਅਤੇ ਭਾਜਪਾ ਦਾ ਏਜੰਡਾ ਲਾਗੂ ਕਰਾਉਣਾ ਚਾਹੁੰਦੇ ਹਨ ਅਤੇ ਪਾਰਟੀ ਤੇ ਪੰਥ ਖ਼ਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਨੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕੀਤਾ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਜਲਦ ਜਨਤਕ ਕੀਤੀ ਜਾਵੇਗੀ। ਭੂੰਦੜ ਨੇ ਇਹ ਵੀ ਕਿਹਾ ਕਿ ਮਨਪ੍ਰੀਤ ਇਯਾਲੀ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਹ ਪੁੱਛਣਾ ਚਾਹੁੰਦੇ ਹਨ ਕਿ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਨਾ ਹੱਲ ਸੀ ਜਾਂ ਵੋਟ ਪਾਉਣਾ। ਭੂੰਦੜ ਨੇ ‘ਆਪ’ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ੋਕ ਮਤੇ ਵੀ ਪੇਸ਼ ਕੀਤੇ ਗਏ। ਨਵੀਂ ਚੁਣੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਵਧਾਈ ਵੀ ਦਿੱਤੀ ਗਈ। ਅੱਜ ਦੀ ਮੀਟਿੰਗ ’ਚੋਂ ਕੋਰ ਕਮੇਟੀ ਮੈਂਬਰ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਗ਼ੈਰਹਾਜ਼ਰ ਸਨ ਜੋ ਕਿ ਵਿਦੇਸ਼ ਗਏ ਹੋਏ ਹਨ।