ਨਵੀਂ ਦਿੱਲੀ, 5 ਅਗਸਤ
ਕਾਂਗਰਸ ਨੇ ‘ਮੋਦੀ ਉਪਨਾਮ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੇ ਨੂੰ 26 ਘੰਟੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਨਾ ਹੋਣ ’ਤੇ ਸਵਾਲ ਉਠਾਏ ਹਨ। ਪਾਰਟੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਉਸੇ ਤੇਜ਼ੀ ਨਾਲ ਬਹਾਲ ਹੋਣੀ ਚਾਹੀਦੀ ਹੈ ਜਿਸ ਤੇਜ਼ੀ ਨਾਲ ਇਹ ਰੱਦ ਕੀਤੀ ਗਈ ਸੀ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵਿੱਟਰ ’ਤੇ ਸਵਾਲ ਕੀਤਾ, ‘‘ਸੁਪਰੀਮ ਕੋਰਟ ਵੱਲੋਂ ਗੁਜਰਾਤ ਦੀ ਸੈਸ਼ਨ ਕੋਰਟ ਦੇ ਹੁਕਮਾਂ ’ਤੇ ਰੋਕ ਲਗਾਏ ਨੂੰ 26 ਘੰਟੇ ਬੀਤਣ ਦੇ ਬਾਵਜੂਦ ਅਜੇ ਤੱਕ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਿਉਂ ਨਹੀਂ ਕੀਤੀ ਗਈ ਹੈ।’’ ਉਨ੍ਹਾਂ ਕਿਹਾ, ‘‘ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਰਦੇ ਹਨ ਕਿ ਰਾਹੁਲ ਗਾਂਧੀ ਲੋਕ ਸਭਾ ਵਿੱਚ ਬੇਭਰੋਸਗੀ ਮਤੇ ’ਤੇ ਬੋਲ ਸਕਦੇ ਹਨ?’’ ਉੱਧਰ, ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਕਿਹਾ ਕਿ ਉਨ੍ਹਾਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਸਬੰਧੀ ਸਾਰੇ ਦਸਤਾਵੇਜ਼ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸੋਮਵਾਰ ਨੂੰ ਲੋਕ ਸਭਾ ਬੈਠਣ ਤੋਂ ਪਹਿਲਾਂ ਰਾਹੁਲ ਦੀ ਮੈਂਬਰਸ਼ਿਪ ਬਹਾਲ ਹੋ ਜਾਵੇਗੀ।