ਨਵੀਂ ਦਿੱਲੀ, 27 ਜਨਵਰੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ੁਬਾਨੀ ਕਿਹਾ ਹੈ ਕਿ ਉਹ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ 31 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰੇ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਨੇ ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੀ ਉਸ ਦਲੀਲ ਦਾ ਨੋਟਿਸ ਲਿਆ ਕਿ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਲੋੜ ਹੈ ਕਿਉਂਕਿ ਮੁਲਜ਼ਮ ‘ਸਿਆਸੀ ਬਦਲਾਖੋਰੀ’ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।