ਚੰਡੀਗੜ੍ਹ, 10 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਸਬੰਧੀ ਕੇਸਾਂ ਦੀ ਸੁਣਵਾਈ ਕਰਦਿਆਂ ਦੇਸ਼ ਦੀ ਸਰਵਉੱਚ ਅਦਾਲਤ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੀ ਨਾਕਾਮੀ ’ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ’ਚ ਸੁਚੱਜੀਆਂ ਸਿਹਤ ਸੇਵਾਵਾਂ ਦਾ ਪ੍ਰਬੰਧ ਨਾ ਕਰਨ ਖ਼ਿਲਾਫ਼ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀਆਂ ਕਰਨ ਦੇ ਨਾਲ-ਨਾਲ ਸੂਬਿਆਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਆਕਸੀਜਨ ਦੀ ਸਪਲਾਈ ’ਚ ਨਾਕਾਮ ਹੋਣ ਕਾਰਨ ਸਖਤ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਕਰੋਨਾ ਕਰਕੇ ਹੋ ਰਹੀਆਂ ਮੌਤਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਦੀ ਤਿਆਰੀ ’ਚ ਘਾਟ ਕਰਕੇ ਲੋਕਾਂ ਨੂੰ ਜਾਨਾਂ ਗੁਆਉਣੀਆਂ ਪਈਆਂ ਹਨ। ਇਸ ਲਈ ਆਕਸੀਜਨ ਦੀ ਬਰਾਬਰ ਵੰਡ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਨੇ ਟਾਸਕ ਫੋਰਸ ਦਾ ਗਠਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਸਰਕਾਰੀ ਸਿਹਤ ਸਹੂਲਤਾਂ ਦੇ ਹਾਲਾਤ ਏਨ੍ਹੇ ਮਾੜੇ ਨਾ ਹੁੰਦੇ ਤਾਂ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ ਅਤੇ ਨਾ ਹੀ ਸੁਪਰੀਮ ਕੋਰਟ ਨੂੰ ਦੇਸ਼ ਦੇ ਲੋਕਾਂ ਨੂੰ ਬਚਾਉਣ ਲਈ ਅੱਗੇ ਆਉਣਾ ਪੈਂਦਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਰੋਨਾ ਮਰੀਜ਼ ਨੂੰ ਉਸ ਦੇ ਘਰ ਤੱਕ ਮੁਫ਼ਤ ਆਕਸੀਜਨ ਪਹੁੰਚਾਵੇ।

ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤਕ ਇੱਕ ਮਰੀਜ਼ ਦਾ ਵੀ ਜਾ ਕੇ ਹਾਲ ਨਹੀਂ ਪੁੱਛਿਆ ਤੇ ਨਾ ਕਿਸੇ ਹਸਪਤਾਲ ਵਿੱਚ ਪੈਰ ਪਾਏ ਹਨ।