ਨਵੀਂ ਦਿੱਲੀ, 4 ਫਰਵਰੀ

ਸੁਪਰੀਮ ਕੋਰਟ ਵਿੱਚ ਅੱਜ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈੇ। ਇਨ੍ਹਾਂ ਨਿਯੁਕਤੀਆਂ ਬਾਰੇ ਕੌਲਿਜੀਅਮ ਨੇ ਬੀਤੇ ਸਾਲ 13 ਦਸੰਬਰ ਨੂੰ ਸਿਫਾਰਿਸ਼ਾਂ ਦਿੱਤੀਆਂ ਸਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ।ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਪੰਕਜ ਮਿੱਠਲ, ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਸੰਜੈ ਕਰੋਲ, ਮਨੀਪੁਰ ਹਾਈ ਕੋਰਟ ਦੇ ਚੀਫ ਜਸਟਿਸ ਪੀ. ਵੀ. ਸੰਜੈ ਕੁਮਾਰ, ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੂਦੀਨ ਅਮਾਨਉਲ੍ਹਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵੇਂ ਜੱਜ ਅਗਲੇ ਹਫਤੇ ਅਹੁਦੇ ਦੀ ਸਹੁੰ ਚੁੱਕਣਗੇ ਜਿਸ ਮਗਰੋਂ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 32 ਹੋ ਜਾਵੇਗੀ। ਮੌਜੂਦਾ ਸਮੇਂ ਸੁਪਰੀਮ ਕੋਰਟ ਵਿੱਚ 27 ਜੱਜ ਹਨ ਜਿਨ੍ਹਾਂ ਵਿੱਚ ਚੀਫ ਜਸਟਿਸ ਵੀ ਸ਼ਾਮਲ ਹੈ। ਦੇਸ਼ ਦੀ ਇਸ ਸਿਖਰਲੀ ਅਦਾਲਤ ਵਿੱਚ ਜੱਜਾਂ ਦੀਆਂ ਪ੍ਰਵਾਨਿਤ ਅਸਾਮੀਆਂ 34 ਹਨ ਜਿਨ੍ਹਾਂ ਵਿੱਚ ਚੀਫ ਜਸਟਿਸ ਵੀ ਸ਼ਾਮਲ ਹੈ।