ਨਵੀਂ ਦਿੱਲੀ, 7 ਜਨਵਰੀ
ਸੁਪਰੀਮ ਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੰਜਾਬ ਸਰਕਾਰ, ਉਸ ਦੀ ਪੁਲੀਸ ਅਤੇ ਕੇਂਦਰੀ ਏਜੰਸੀਆਂ ਕੋਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲ ਦੇ ਪੰਜਾਬ ਦੌਰੇ ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਸਬੰਧੀ ਰਿਕਾਰਡ ਤੁਰੰਤ ਹਾਸਲ ਕਰਨ ਦਾ ਹੁਕਮ ਦਿੱਤਾ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲਾਂ ਨੂੰ ਕਿਹਾ, ‘‘ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਹੋਈ ਅਣਗਹਿਲੀ ਦੀ ਜਾਂਚ ਲਈ ਬਣਾਈਆਂ ਕਮੇਟੀਆਂ ਨੂੰ ਕਹੋ ਕਿ ਉਹ ਸੋਮਵਾਰ ਤੱਕ ਕੋਈ ਕਾਰਵਾਈ ਨਾ ਕਰਨ।’’ ਇਸ ਮਾਮਲੇ ਵਿਚ ਸੋਮਵਾਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਸਿਖ਼ਰਲੀ ਅਦਾਲਤ ‘ਲਾਅਰਜ਼ ਵਾਇਸ’ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਦੀ ਸੁੁਰੱਖਿਆ ਵਿਚ ਅਣਗਹਿਲੀ ਦੀ ਡੂੰਘਾਈ ਨਾਲ ਜਾਂਚ ਅਤੇ ਭਵਿੱਖ ਵਿਚ ਦੁਬਾਰਾ ਨਾ ਹੋਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ। ਬੈਂਚ ਨੇ ਪੰਜਾਬ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਗੰਭੀਰ ਉਲੰਘਣ ਦੇ ਦੋਸ਼ ਲਗਾਉਣ ਵਾਲੀ ਪਟੀਸ਼ਨ ਦਾ ਨੋਟਿਸ ਲਿਆ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਫਿਰੋਜ਼ਪੁਰ ਵਿਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਗੰਭੀਰ ਲਾਪ੍ਰਵਾਹੀ ਹੋਈ, ਜਿਸ ਕਰ ਕੇ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਕਰੀਬ 20 ਮਿੰਟ ਬਠਿੰਡਾ ਵਿਚ ਰੋਕਣਾ ਪਿਆ ਸੀ।