ਅੰਮ੍ਰਿਤਸਰ, 9 ਸਤੰਬਰ

ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੱਜ ਇਥੇ ਦਲ ਖਾਲਸਾ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਬਹਾਦਰੀ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅੱਜ ਇਥੇ ਆਪਣੇ ਦਫਤਰ ਵਿਚ ਵੱਖ ਵੱਖ ਗਰਮ ਖਿਆਲੀ ਦਲਾਂ ਦੇ ਆਗੂਆਂ ਦੀ ਮੀਟਿੰਗ ਮਗਰੋਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ, ਅਕਾਲੀ ਦਲ (ਅ) ਦੇ ਹਰਬੀਰ ਸਿੰਘ ਸੰਧੂ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਲਈ ਪੋਸਟਰ ਵੀ ਜਾਰੀ ਕੀਤਾ ਹੈ, ਜਿਸ ਵਿਚ ਉਸ ਨੂੰ ਕਾਨੂੰਨ ਅਤੇ ਸੂਬੇ ਦੇ ਲੋਕਾਂ ਦਾ ਭਗੌੜਾ ਆਖਿਆ ਹੈ। ਪੋਸਟਰ ’ਤੇ ਕਿਲਰ ਐਕਸ ਕੋਪ ਵਾਂਟੇਡ ਲਿਖਿਆ ਹੋਇਆ ਹੈ ਅਤੇ ਉਸ ਦੀ ਤਸਵੀਰ ਲੱਗੀ ਹੋਈ ਹੈ। ਪੋਸਟਰ ’ਤੇ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲਿਆਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ। ਇਸ ਸਬੰਧ ਵਿਚ ਪੰਜਾਬ ਅਤੇ ਦਿੱਲੀ ਸਮੇਤ ਹੋਰ ਥਾਵਾਂ ’ਤੇ ਇਹ ਪੋਸਟਰ ਲਾਏ ਜਾ ਰਹੇ ਹਨ। ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਗੋਲਡ ਮੈਡਲ ਦਿੱਤਾ ਜਾਵੇਗਾ।