ਮੁਹਾਲੀ, 23 ਸਤੰਬਰ

ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣੇ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲੀਸ ਨੂੰ ਟਿੱਚ ਸਮਝ ਰਹੇ ਹਨ। ਮੁਲਤਾਨੀ ਮਾਮਲੇ ਵਿੱਚ ਐਸਐਚਓ ਵੱਲੋਂ ਸੈਣੀ ਨੂੰ ਸੰਮਨ ਭੇਜ ਕੇ ਅੱਜ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਬਾਅਦ ਦੁਪਹਿਰ ਤੱਕ ਵੀ ਥਾਣੇ ਵਿੱਚ ਨਹੀਂ ਪੁੱਜਿਆ। ਸੁਮੇਧ ਸੈਣੀ ਨੇ ਉਸ ਨੂੰ ਕਿਸੇ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦਾ ਖਦਸ਼ਾ ਪ੍ਰਗਟ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾ ਦਿੱਤਾ ਤੇ ਹਾਈ ਕੋਰਟ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ (ਮੁਲਤਾਨੀ ਕੇਸ ਨੂੰ ਛੱਡ ਕੇ) ਬਾਕੀ ਸਾਰੇ ਮਾਮਲਿਆਂ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ। ਐੱਸਆਈਟੀ ਦੇ ਮੁਖੀ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਵਿੱਚ ਜਾਂਚ ਕਰ ਰਹੇ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ, ਐੱਸਐੱਚਓ ਰਾਜੀਵ ਕੁਮਾਰ ਮਟੌਰ ਥਾਣੇ ਵਿੱਚ ਸੈਣੀ ਦਾ ਜਾਂਚ ਵਿੱਚ ਸ਼ਾਮਲ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਸੁਪਰੀਮ ਕੋਰਟ ਨੇ ਸੈਣੀ ਦੀ ਆਰਜ਼ੀ ਜ਼ਮਾਨਤ ਅਰਜ਼ੀ ਮਨਜੂਰ ਕਰਕੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਹਫਤੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸੈਣੀ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਦੇ ਅੱਗੇ ਪੇਸ਼ ਨਹੀਂ ਹੋ ਰਿਹਾ। ਥਾਣੇ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਹੈ। ਮੀਡੀਆ ਕਰਮਚਾਰੀ ਵੀ ਥਾਣੇ ਦੇ ਬਾਹਰ ਮੌਜੂਦ ਹਨ।