ਸ੍ਰੀਨਗਰ, 13 ਦਸੰਬਰ
ਸ੍ਰੀਨਗਰ ਸ਼ਹਿਰ ਦੇ ਬਾਹਰੀ ਹਿੱਸੇ ਵਿੱਚ ਸੋਮਵਾਰ ਨੂੰ ਦਹਿਸ਼ਤਗਰਦਾਂ ਨੇ ਜੰਮੂ ਕਸਮੀਰ ਹਥਿਆਰਬੰਦ ਪੁਲੀਸ ਦੀ ਬੱਸ ’ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 14 ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ, ਜਿਨ੍ਹਾਂ ਵਿਚੋਂ ਦੋ ਦੀ ਹਸਪਤਾਲ ਵਿੱਚ ਜ਼ੇਰੇੇ ਇਲਾਜ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ ਸਮੇਂ ਪੰਥਾ ਚੌਕ ਇਲਾਕੇ ਦੇ ਜੇਵਾਨ ਵਿੱਚ ਵਾਪਰੀ। ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਲੇ ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟਾਇਆ ਹੈ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਕਸ਼ਮੀਰ ਦੇ ਆਈ ਜੀ ਵਿਜੈ ਕੁਮਾਰ ਦੇ ਹਵਾਲੇ ਨਾਲ ਏਐਨਆਈ ਨਿਊਜ਼ ਏਜੰਸੀ ਨੇ ਦੱਸਿਆ ਹੈ ਕਿ ਜੈਸ਼ ਏ ਮੁਹੰਮਦ ਦੀ ਕਸ਼ਮੀਰ ਟਾਈਗਰਸ ਜਥੇਬੰਦੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ।