ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ। ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।