ਨਵੀਂ ਦਿੱਲੀ, 4 ਅਕਤੂਬਰ

ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੀ ਅਰਜ਼ੀ ’ਤੇ ਰਾਕੇਸ਼ ਟਿਕੈਤ, ਦਰਸ਼ਨ ਪਾਲ ਅਤੇ ਗੁਰਨਾਮ ਸਿੰਘ ਸਮੇਤ 43 ਕਿਸਾਨ ਸੰਗਠਨਾਂ ਅਤੇ ਉਨ੍ਹਾਂ ਦੇ ਵੱਖ-ਵੱਖ ਨੇਤਾਵਾਂ ਨੂੰ ਅੱਜ ਹਰਿਆਣਾ ਸਰਕਾਰ ਦੀ ਅਰਜ਼ੀ ’ਤੇ ਨੋਟਿਸ ਜਾਰੀ ਕੀਤੇ ਹਨ, ਸਰਕਾਰ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਸੜਕਾਂ ਦੀ ਨਾਕੇਬੰਦੀ ਦਾ ਮਸਲਾ ਹੱਲ ਕਰਨ ਲਈ ਬਣਾਏ ਪੈਨਲ ਨਾਲ ਗੱਲਬਾਤ ਕਰਨ ਲਈ ਸ਼ਾਮਲ ਨਹੀਂ ਹੋ ਰਹੇ। ਹਰਿਆਣਾ ਸਰਕਾਰ ਨੇ ਨੋਇਡਾ ਨਿਵਾਸੀ ਮੋਨਿਕਾ ਅਗਰਵਾਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਅਰਜ਼ੀ ਦਿੱਤੀ ਹੈ। ਨਾਕਾਬੰਦੀ ਹਟਾਉਣ ਦੀ ਬੇਨਤੀ ਕਰਨ ਵਾਲੀ ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ ਦਿੱਲੀ ਪਹੁੰਚਣ ਵਿੱਚ 20 ਮਿੰਟ ਲੱਗਦੇ ਸਨ ਅਤੇ ਹੁਣ ਦੋ ਘੰਟਿਆਂ ਤੋਂ ਵੱਧ ਸਮਾਂ ਲੱਗ ਰਿਹਾ ਹੈ। ਅਰਜ਼ੀ ਦਾ ਨੋਟਿਸ ਲੈਂਦਿਆਂ ਜਸਟਿਸ ਐੱਸਕੇ ਕੌਲ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਅਤੇ ਇਨ੍ਹਾਂ ਨੂੰ ਦਸਤੀ ਵੀ ਦੇਣ ਲਈ ਕਿਹਾ।