ਨੰਗਲ, 18 ਜੂਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿਚਲੀਆਂ 40 ਸੜਕਾਂ ਦੀ ਮੁਰੰਮਤ ਦਾ ਕੰਮ ਅਤੇ 90 ਨਵੀਆਂ ਸੜਕਾਂ ਦਾ ਨਿਰਮਾਣ ਵੀ ਜਲਦੀ ਕਰਵਾਇਆ ਜਾਵੇਗਾ। ਉਹ ਨੇੜਲੇ ਪਿੰਡ ਦੜੋਲੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਸ੍ਰੀ ਕੇਪੀ ਸਿੰਘ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਦੇ ਪੂਰੇ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਲਾਕੇ ਦੀਆਂ ਸੜਕਾਂ ਦੀ ਪਿਛਲੇ ਕਈ ਸਾਲਾਂ ਤੋਂ ਕਿਸੇ ਨੇ ਸਾਰ ਨਹੀਂ ਲਈ ਹੈ ਜਿਸ ਕਾਰਨ ਆਵਾਜਾਈ ਵਿੱਚ ਭਾਰੀ ਦਿੱਕਤ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਪਿੰਡ ਪੱਧਰ ਦੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਉਪਰਾਲੇ ਕਰਨ। ਜਾਣਕਾਰੀ ਦੀ ਅਣਹੋਂਦ ਅਤੇ ਬੇਲੋੜੀ ਖੱਜਲ ਖੁਆਰੀ ਕਾਰਨ ਲੋਕਾਂ ਨੂੰ ਸਰਕਾਰ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਦਾ ਲਾਭ ਮਿਲਣ ਤੋਂ ਰਹਿ ਜਾਂਦਾ ਹੈ ਜਦੋਂ ਕਿ ਪਿੰਡਾਂ ਵਿੱਚ ਚੁਣੇ ਹੋਏ ਸਰਪੰਚ, ਪੰਚ ਅਤੇ ਬਲਾਕ ਦੇ ਨੁਮਾਇੰਦੇ ਇਸ ਲਈ ਉਸਾਰੂ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਘਰੇ ਲੋਕਾਂ ਨੂੰ ਘਰ ਦੇਣ ਦੀ ਯੋਜਨਾ ਦਾ ਲਾਭ ਕੇਵਲ ਲੋੜਵੰਦਾਂ ਨੂੰ ਹੀ ਮਿਲਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਹੀ ਘਰ ਦੀ ਮੰਗ ਕਰਨੀ ਚਾਹੀਦੀ ਹੈ ਜਿਨ੍ਹਾਂ ਦਾ ਸੱਚਮੁੱਚ ਕੋਈ ਘਰ ਨਹੀਂ ਬਣ ਸਕਿਆ ਹੈ। ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਕੇਵਲ ਲੋੜਵੰਦ ਵਿਅਕਤੀ ਹੀ ਭਲਾਈ ਯੋਜਨਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਪਿਛਲੇ 10 ਸਾਲਾਂ ਤੋਂ ਅਣਗੌਲੇ ਪਏ ਪਿੰਡ ਦੇ ਕਮਿਊਨਿਟੀ ਸੈਂਟਰ ਦੀ ਮੁਰੰਮਤ ਵੀ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ।