ਸੰਗਰੂਰ, 28 ਮਾਰਚ: ਵਧੀਕ ਜ਼ਿਲਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ ਦੀ ਮਿਆਦ ਵਿੱਚ ਵਾਧਾ ਕੀਤਾ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਿਵਲ ਸਰਜਨ ਸੰਗਰੂਰ ਨੇ ਉਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਯਤਨ ਕਰਦੇ ਹਨ। ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜਦੇ ਨੌਜਵਾਨ ਵੀ ਇਨਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਹੁੱਕਾ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਹੋਰ ਕਈ ਹਾਨੀਕਾਰਕ ਨਸ਼ੇ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਹੁੱਕਾ ਬਾਰ ਤੰਬਾਕੂਨੋੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਹੋਏ ਜ਼ਿਲੇ ’ਚ ਮਿਊਂਸਪਲ ਕਮੇਟੀਆਂ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਆਪਣੇ ਹੁਕਮਾਂ ਵਿੱਚ ਉਨਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤਾ ਗਿਆ ਇਹ ਹੁਕਮ ਮਿਤੀ 23 ਮਈ 2022 ਤੱਕ ਲਾਗੂ ਰਹੇਗਾ।