ਸੰਗਰੂਰ, 7 ਫਰਵਰੀ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ ਲੱਗਣ ਕਾਰਨ ਹਾਦਸਾਗ੍ਰਸਤ ਹੋਏ ਕਾਮਿਆਂ ਨੂੰ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰਨ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਭਰ ਤੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਪੁੱਜੇ ਪਾਵਰਕੌਮ ਦੇ ਕਾਮੇ ਵਿਸ਼ਾਲ ਰੋਸ ਮਾਰਚ ਕਰਦੇ ਹੋਏ ਘਿਰਾਓ ਕਰਨ ਲਈ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਵਲੋਂ ਸਖ਼ਤ ਨਾਕੇਬੰਦੀ ਕਰਕੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਹੀ ਰੋਕ ਲਿਆ। ਪ੍ਰਦਰਸ਼ਨਕਾਰੀਆਂ ਵਲੋਂ ਕਲੋਨੀ ਦੇ ਸਾਹਮਣੇ ਵਾਲੀ ਮੁੱਖ ਸੜਕ ਉਪਰ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਲਗਾ ਦਿੱਤਾ। ਰੋਸ ਧਰਨੇ ਨੂੰ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਰਾਜੇਸ਼ ਕੁਮਾਰ ਮੌੜ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ, ਮੀਤ ਪ੍ਰਧਾਨ ਚੌਧਰ ਸਿੰਘ, ਸਹਿ-ਸਕੱਤਰ ਅਜੈ ਕੁਮਾਰ, ਦਫਤਰੀ ਸਕੱਤਰ ਸ਼ੇਰ ਸਿੰਘ, ਵਿੱਤ ਸਕੱਤਰ ਚਮਕੌਰ ਸਿੰਘ ਅਤੇ ਟੇਕ ਚੰਦ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਊਟ-ਸੋਰਸਿੰਗ ਕਾਮਿਆਂ ਨਾਲ ਇਹ ਵਾਅਦਾ ਕਰ ਸੱਤਾ ਵਿਚ ਆਈ ਸੀ ਕਿ ਆਊਟਸੋਰਸਿੰਗ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਧਰਨਾ ਮੁਕਤ ਕੀਤਾ ਜਾਵੇਗਾ ਪਰ ਆਊਟਸੋਰਸਿੰਗ ਕਾਮਿਆਂ ਨੂੰ ਪੱਕਾ ਤਾਂ ਕੀ ਕਰਨਾ ਸੀ ਸਗੋਂ ਮੁੱਖ ਮੰਤਰੀ ਨੇ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਹੀ ਪਾਸਾ ਵੱਟ ਲਿਆ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਨਵੀਂ ਪੱਕੀ ਭਰਤੀ ਕਰਨ ਤੋਂ ਪਹਿਲਾਂ ਲਾਈਨਮੈਂਨ ਦੀਆਂ ਪੋਸਟਾਂ ਦੇ ਅਧਾਰ ’ਤੇ ਕੰਮ ਕਰਦੇ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਬਿਜਲੀ ਦਾ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ, ਮੁਆਵਜ਼ਾ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ, ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਲਈ 50 ਲੱਖ ਦਾ ਬੀਮਾ, ਵਧੀਆ ਹਸਪਤਾਲ ’ਚ ਇਲਾਜ ਦੀ ਗਾਰੰਟੀ ਦਿੱਤੀ ਜਾਵੇ, ਬਿਜਲੀ ਕਾਨੂੰਨ 2020 ਨੂੰ ਰੱਦ ਕੀਤਾ ਜਾਵੇ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਮੁੱਖ ਮੰਤਰੀ, ਬਿਜਲੀ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। ਧਰਨੇ ਚ’ ਭਰਾਤਰੀ ਜਥੇਬੰਦੀਆਂ ਚੰਦਰ ਪ੍ਰਕਾਸ਼ ਸੂਬਾ ਮੀਤ ਪ੍ਰਧਾਨ ਟੀਐੱਸਯੂ ਪੰਜਾਬ, ਸਤਵੀਦਰ ਸਿੰਘ ਸਰਕਲ ਸਕੱਤਰ ਟੀੱਐਸਯੂ (ਬਠਿੰਡਾ) ਹਰਜੀਤ ਸਿੰਘ ਸਰਕਲ ਪ੍ਰਧਾਨ ਟੀਐੱਸਯੂ (ਪਟਿਆਲਾ) ਵਲੋਂ ਵੀ ਸ਼ਮੂਲੀਅਤ ਕੀਤੀ।