ਸੰਗਰੂਰ,ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਕਰਜ਼ਾ ਮੁਕਤੀ ਸਮੇਤ ਹੋਰ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਅੱਜ ਪੰਜ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਮੋਰਚੇ ਦੌਰਾਨ ਭਰਵੇਂ ਇਕੱਠ ਵੱਲੋਂ ਹੱਥ ਖੜ੍ਹੇ ਕਰਕੇ ਕਰਜ਼ਾ ਮੁਆਫ਼ ਕਰਨ, ਨਸ਼ਾ ਖ਼ਤਮ ਕਰਨ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਿੱਚ ਨਾਕਾਮ ਸਾਬਤ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਵਾਅਦਾਖ਼ਿਲਾਫ਼ੀ ਬਦਲੇ ਜਿੱਥੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗ ਕੇ ਤੁਰੰਤ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਉਥੇ ਧਾਰਮਿਕ ਗੁਟਕੇ ਦੀ ਝੂਠੀ ਸਹੁੰ ਚੁੱਕਣ ਦੇ ਦੋਸ਼ ਹੇਠ ਅਕਾਲ ਤਖਤ ਅੱਗੇ ਪੇਸ਼ ਹੋ ਕੇ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ।
ਕਿਸਾਨ ਯੂਨੀਅਨ ਨੇ ਪੰਜ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕਰਦਿਆਂ ਇੱਥੇ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰਕੇ ਡੇਰੇ ਲਗਾ ਲਏ ਹਨ। ਪਹਿਲੇ ਦਿਨ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਬੁਰੀ ਤਰਾਂ ਨਾਕਾਮ ਸਾਬਤ ਹੋਈ ਹੈ। ਅਜੇ ਤੱਕ ਕਿਸੇ ਵੀ ਕਰਜ਼ਈ ਕਿਸਾਨ ਦਾ ਖਾਤਾ ਕਲੀਅਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਯੂਨੀਅਨ ਦੀਆਂ ਕਈ ਮੀਟਿੰਗਾਂ ਕਰਜ਼ਾ ਮੁਆਫ਼ੀ ਸਬੰਧੀ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਲਗਾਤਾਰ ਬਹਾਨੇ ਲਾ ਕੇ ਖ਼ਜ਼ਾਨੇ ਦੀ ਮਾੜੀ ਹਾਲਤ ਦਾ ਰੋਣਾ ਰੋਇਆ ਜਾ ਰਿਹਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਉਹ ਸੂਬੇ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਉਣ ’ਚ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਤੋਂ ਉਮੀਦਾਂ ਛੱਡ ਕੇ ਸੰਘਰਸ਼ ਦੇ ਰਾਹ ਪੈਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਸਮੁੱਚੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਖੇਤੀਬਾੜੀ ਧੰਦੇ ਨੂੰ ਮੁਨਾਫ਼ੇ ਵਾਲਾ ਬਣਾਇਆ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਹਰ ਘਰ ਵਿਚ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਬੇਰੁਜ਼ਗਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਭੱਤਾ ਦਿੱਤਾ ਜਾਵੇ, ਸਰਕਾਰੀ ਵਿਭਾਗ ਜੀਵਤ ਰੱਖੇ ਜਾਣ।  ਰੋਸ ਧਰਨੇ ਨੂੰ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਰਬਾਰਾ ਸਿੰਘ ਛਾਜਲਾ, ਅਜੈਬ ਸਿੰਘ ਜਖੇਪਲ, ਬਹਾਦਰ ਸਿੰਘ ਭੁਟਾਲ, ਸੁਖਪਾਲ ਸਿੰਘ ਮਾਣਕ, ਜਸਵੰਤ ਸਿੰਘ ਤੋਲਾਵਾਲ, ਸ਼ਿਆਮ ਦਾਸ ਕਾਂਝਲੀ, ਗੋਬਿੰਦਰ ਸਿੰਘ, ਰਾਜਪਾਲ ਸਿੰਘ ਮੰਗਵਾਲ, ਧਰਮਿੰਦਰ ਸਿੰਘ ਪਿਸ਼ੌਰ ਆਦਿ ਨੇ ਸੰਬੋਧਨ ਕੀਤਾ।