ਸੰਗਰੂਰ, ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਇੱਥੋਂ ਦੀ ਅਨਾਜ ਮੰਡੀ ਵਿੱਚ ਕਰਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਦਲਵੀਰ ਸਿੰਘ ਗੋਲਡੀ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਪੁੱਜਣਾ ਸੀ ਪਰ ਉਹ ਅੱਜ ਸਮਾਗਮ ਵਿੱਚ ਹਾਜ਼ਰ ਨਹੀਂ ਹੋਏ।

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਉਸ ਸਮੇਂ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ, ਜਦੋਂ ਸੂਬਾ ਖ਼ੂਨ ਦੀ ਲੜਾਈ ਲੜ ਰਿਹਾ ਸੀ। ਸੰਤ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰ ਕੇ ਪੰਜਾਬ ਅਤੇ ਪੰਜਾਬੀਅਤ ਦੀ ਬਹਾਲੀ ਲਈ ਅਹਿਮ ਯੋਗਦਾਨ ਪਾਇਆ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਸੀ ਪਰ ਉਸ ਸਮੇਂ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਸਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ ਹੋਏ 700 ਕਰੋੜ ਦੇ ਘਪਲੇ ਨੂੰ ਛੇਤੀ ਉਜਾਗਰ ਕੀਤਾ ਜਾਵੇਗਾ, ਜਿਸ ਦੀ ਜਾਂਚ ਆਖ਼ਰੀ ਪੜਾਅ ’ਤੇ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ, ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਦਮਨ ਥਿੰਦ ਬਾਜਵਾ ਤੇ ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਵਿੱਚ ਸੰਤ ਲੌਂਗੋਵਾਲ ਦੇ ਭਤੀਜੇ  ਰੂਪ ਸਿੰਘ ਸਣੇ ਹੋਰ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ।