ਨੂਰਪੁਰ ਬੇਦੀ, ਮਾਈਨਿੰਗ ਮਾਮਲੇ ਵਿੱਚ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ’ਤੇ ਹਮਲੇ ਦੇ ਦੋਸ਼ ਹੇਠ ਦਰਜ ਕੇਸ ਦੇ ਮੁੱਖ ਮੁਲਜ਼ਮ ਅਜਵਿੰਦਰ ਸਿੰਘ ਵਾਸੀ ਪਿੰਡ ਬੇਈਂਹਾਰਾ ਤੇ ਬਚਿੱਤਰ ਸਿੰਘ ਵਾਸੀ ਭਾਓਵਾਲ ਨੇ ਅੱਜ ਪੁਲੀਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੋਵੇਂ ਜਣੇ ਜ਼ਿਲ੍ਹਾ ਰੂਪਨਗਰ ਦੇ ਐੱਸਐੱਸਪੀ ਰਾਜਬਚਨ ਸਿੰਘ ਸੰਧੂ ਅੱਗੇ ਪੇਸ਼ ਹੋਏ। ਐੱਸਐੱਸਪੀ ਨੇ ਦੋਵਾਂ ਨੂੰ ਨੂਰਪੁਰ ਬੇਦੀ ਪੁਲੀਸ ਹਵਾਲੇ ਕਰਨ ਦੇ ਆਦੇਸ਼ ਦਿੱਤੇ।

ਨੂਰਪੁਰ ਬੇਦੀ ਥਾਣੇ ਦੇ ਐਸਐਚਓ ਦੇਸ ਰਾਜ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ 27 ਜੂਨ ਨੂੰ ਆਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਪੰਜ ਮੁਲਜ਼ਮਾਂ ਜਸਵਿੰਦਰ ਸਿੰਘ ਗੋਲਡੀ ਪੁੱਤਰ ਸਰਦਾਰਾ ਸਿੰਘ, ਅਮਰਜੀਤ ਸਿੰਘ ਪੁੱਤਰ ਚਤਰ ਸਿੰਘ, ਮਨਜੀਤ ਸਿੰਘ ਪੁੱਤਰ ਮੈਮਨ ਸਿੰਘ, ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਸਾਰੇ ਵਾਸੀ ਬੇਈਂਹਾਰਾ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਮਾਂਗਣਾ (ਹਰਿਆਣਾ) ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਕਿਹਾ ਕਿ ਭਾਵੇਂ ‘ਆਪ’ ਵਿਧਾਇਕ ਅਮਰਜੀਤ ਸਿੰਘ ਸੰਦੋਆ ’ਤੇ ਹਮਲਾ ਕਰਨ ਵਾਲੇ ਸੱਤ ਮੁਲਜ਼ਮਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ, ਪਰ ਮਾਮਲੇ ਦੀ ਜਾਂਚ ਤੱਥਾਂ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਸ ਥਾਂ ’ਤੇ ਝਗੜਾ ਹੋਇਆ ਹੈ, ਉਹ ਹਰਸ਼ਾ ਬੇਲਾ ਖੱਡ ਹੈ, ਜਿਸ ਦੀ ਰਿਪੋਰਟ ਐਸਡੀਐਮ (ਆਨੰਦਪੁਰ ਸਾਹਿਬ) ਰਾਕੇਸ਼ ਗਰਗ ਨੇ ਰੂਪਨਗਰ ਦੀ ਡਿਪਟੀ ਕਮਿਸ਼ਨਰ ਨੂੰ ਦਿੱਤੀ ਹੈ। ਇਸ ਰਿਪੋਰਟ ਅਨੁਸਾਰ ਉਥੇ ਜਾਇਜ਼ ਮਾਈਨਿੰਗ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਕਈ ਪੱਖਾਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।