ਨਵੀਂ ਦਿੱਲੀ, 9 ਨਵੰਬਰ

ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ’ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਸਾਲ 23 ਨਵੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਜਨਵਰੀ ਵਿੱਚ ਰੋਕ ਲਗਾ ਦਿੱਤੀ ਸੀ। 40 ਕਿਸਾਨ ਜਥੇਬੰਦੀਆਂ ’ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਨੇ ਇਕ ਮੀਟਿੰਗ ਬਾਅਦ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਕੇਂਦਰ ਸਰਕਾਰ ’ਤੇ ‘ਦਬਾਅ ਬਣਾਉਣ’ ਅਤੇ ਸਰਕਾਰ ਨੂੰ ਕਿਸਾਨੀ ਮੰਗਾਂ ਮੰਨਣ ਲਈ ਮਜਬੂਰ ਕਰਨ ਲਈ ਕੀਤਾ ਜਾਵੇਗਾ।