ਸੰਯੁਕਤ ਰਾਸ਼ਟਰ/ਜਨੇਵਾ, 22 ਅਗਸਤ
ਸੰਯੁਕਤ ਰਾਸ਼ਟਰ ਦੇ ਇਕ ਮਾਹਿਰ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਦੀ ਲਗਾਤਾਰ ਹਿਰਾਸਤ ਨੂੰ ‘ਸ਼ਰਮਨਾਕ’ ਕਰਾਰ ਦਿੰਦਿਆਂ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਨ ਦੀ ਮੰਗ ਕੀਤੀ ਹੈ। ਸਾਈਬਾਬਾ ਨੂੰ 2014 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ 2017 ਵਿਚ ਉਨ੍ਹਾਂ ਨੂੰ ਯੂਏਪੀਏ ਤਹਿਤ ਕਈ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਹ ਮਾਮਲਾ ਮਾਓਵਾਦੀਆਂ ਨਾਲ ਸੰਪਰਕ ਰੱਖਣ ਨਾਲ ਸਬੰਧਤ ਸੀ। ਮਨੁੱਖੀ ਹੱਕ ਕਾਰਕੁਨਾਂ ਦੀ ਸਥਿਤੀ ਬਾਰੇ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਮਾਹਿਰ ਮੈਰੀ ਲਾਅਲੋਰ ਨੇ ਸਾਈਬਾਬਾ ਦੀ ਹਿਰਾਸਤ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਇਸ ਵਿਚੋਂ ਸਪੱਸ਼ਟ ਨਜ਼ਰ ਆਉਂਦਾ ਹੈ ਕਿ ਸਰਕਾਰ ਇਕ ਅਹਿਮ ਆਵਾਜ਼ ਨੂੰ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਈਬਾਬਾ ਭਾਰਤ ਵਿਚ ਘੱਟਗਿਣਤੀਆਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਅਨੁਸੂਚਿਤ ਜਾਤਾਂ ਤੇ ਆਦਿਵਾਸੀਆਂ ਲਈ ਵੀ ਆਵਾਜ਼ ਚੁੱਕੀ ਹੈ।