ਨਵੀਂ ਦਿੱਲੀ, 28 ਜਨਵਰੀ

ਕਾਂਗਰਸ ਨੇ ਕਰੋਨਾ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਪੈਕੇਜ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨਾਲ ਜੁੜੇ ਮਸਲਿਆਂ, ਸਰਹੱਦ ’ਤੇ ਚੀਨ ਨਾਲ ਤਣਾਅ ਅਤੇ ਕੁਝ ਹੋਰ ਮਾਮਲਿਆਂ ’ਤੇ ਸੰਸਦ ਦੇ ਬਜਟ ਸੈਸ਼ਨ ’ਚ ਸਰਕਾਰ ਨੂੰ ਘੇਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਸੰਸਦੀ ਰਣਨੀਤੀ ਗਰੁੱਪ ਦੀ ਡਿਜੀਟਲ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਵਿੱਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਸੀਨੀਅਰ ਨੇਤਾ ਏਕੇ ਐਂਟਨੀ, ਕੇਸੀ ਵੇਣੂਗੋਪਾਲ, ਆਨੰਦ ਸ਼ਰਮਾ, ਗੌਰਵ ਗੋਗੋਈ, ਕੇ. ਸੁਰੇਸ਼, ਜੈਰਾਮ ਰਮੇਸ਼, ਮਾਨਿਕਮ ਟੈਗੋਰ, ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਆਮ ਆਦਮੀ ਨਾਲ ਜੁੜੇ ਮਾਮਲਿਆਂ ਨੂੰ ਹੋਰ ਪਾਰਟੀਆਂ ਨਾਲ ਤਾਲਮੇਲ ਕਰਕੇ ਸਰਕਾਰ ਨੂੰ ਘੇਰਿਆ ਜਾਵੇਗਾ।