ਨਵੀਂ ਦਿੱਲੀ, 6 ਦਸੰਬਰ

ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐੱਮਕੇ, ਆਪ ਸਮੇਤ ਵੱਖ-ਵੱਖ ਪਾਰਟੀਆਂ ਦੇ ਸਦਨ ਦੇ ਨੇਤਾਵਾਂ ਨੇ ਹਿੱਸਾ ਲਿਆ। ਇਸ ਵਿੱਚ ਸਦਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ, ਸੈਸ਼ਨ ਦੌਰਾਨ ਵਿਧਾਨਕ ਕੰਮਕਾਜ ਅਤੇ ਇਸ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਕਾਂਗਰਸ ਦੇ ਅਧੀਰ ਰੰਜਨ ਚੌਧਰੀ, ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਦੋਪਾਧਿਆਏ, ਡੇਰੇਕ ਓ’ਬ੍ਰਾਇਨ, ਡੀਐੱਮਕੇ ਦੇ ਟੀਆਰ ਬਾਲੂ, ਆਪ ਦੇ ਸੰਜੇ ਸਿੰਘ ਸ਼ਾਮਲ ਹੋਏ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਸ਼ਾਮਲ ਸਨ। ਮੀਟਿੰਗ ਵਿੱਚ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਨੇ ਸੈਸ਼ਨ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਸੰਵਿਧਾਨਕ ਅਹੁਦਿਆਂ ਨਾਲ ਸਬੰਧਤ ਮੁੱਦੇ ਉਠਾਉਣ ਅਤੇ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ’ਤੇ ਲੋੜੀਂਦੀ ਚਰਚਾ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ ਇਹ 29 ਦਸੰਬਰ ਨੂੰ ਖਤਮ ਹੋਵੇਗਾ।