ਅੰਮ੍ਰਿਤਸਰ, 23 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ 1984 ਦੇ ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖ਼ਿਲਾਫ਼ ਕੇਸ ਦੀ ਪੈਰਵੀ ਕਰਨ ’ਚ ਗੰਭੀਰਤਾ ਨਾ ਦਿਖਾਉਣ ਦੇ ਦੋਸ਼ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਸ ’ਚ ਕੇਂਦਰ ਦੇ ਗੰਭੀਰ ਨਾ ਹੋਣ ਕਾਰਨ ਸੱਜਣ ਕੁਮਾਰ ਖ਼ਿਲਾਫ਼ ਧਾਰਾ 302 ਹਟਾਈ ਗਈ ਹੈ। ਸੁਖਬੀਰ ਬਾਦਲ ਅੱਜ ਇੱਥੇ ਜਥੇਬੰਦੀ ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਮਾਤਾ ਨਮਿਤ ਭੋਗ ਵਿਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਹਟਾਏ ਜਾਣਾ ਸਰਕਾਰੀ ਧਿਰ ਦੀ ਜ਼ਿੰਮੇਵਾਰੀ ਬਣਦੀ ਹੈ। ਸੁਖਬੀਰ ਨੇ ਕਿਹਾ ਕਿ ਦਿੱਲੀ ਅਦਾਲਤ ਨੇ ਕਤਲ ਨਾਲ ਸਬੰਧਤ ਇਹ ਧਾਰਾ ਰੱਦ ਕਰਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਜਾਣਦੀ ਹੈ ਕਿ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਤੇ ਅਨੇਕਾਂ ਹੋਰ ਕਾਂਗਰਸੀ ਆਗੂਆਂ ਦੇ ਹੱਥ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਲਿਬੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਤੱਕ ਇਸ ਬੇਇਨਸਾਫ਼ੀ ਖਿਲਾਫ ਲੜਾਈ ਜਾਰੀ ਰੱਖੇਗਾ ਜਦੋਂ ਤੱਕ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਫਾਂਸੀ ਨਹੀਂ ਚੜ੍ਹਾਏ ਜਾਂਦੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ ਫ਼ੈਸਲੇ ਨਾਲ ਮਾਨਸਿਕ ਤੌਰ ’ਤੇ ਸੱਟ ਵੱਜੀ ਹੈ।