ਚੰਡੀਗੜ੍ਹ, 30 ਦਸੰਬਰ

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਬੁੱਧਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੀ ਗੱਲਬਾਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤੋਂ ਬਗੈਰ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲੇਗਾ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਕਾਨੂੰਨਾਂ ਬਾਰੇ ਕੇਂਦਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੀਟਿੰਗਾਂ ਦੇ ਜਾਲ ਵਿੱਚ ਫਸਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਪ੍ਰਧਾਨ ਮੰਤਰੀ ਨਾਲ ਸਿੱਧੀ ਗੱਲਬਾਤ ਦੀ ਹਮਾਇਤ ਕਰਦਿਆਂ ਕਿਹਾ ਕਿ ਸਫਲ ਗੱਲਬਾਤ ਲਈ ਪ੍ਰਧਾਨ ਮੰਤਰੀ ਜਾਂ ਕੇਂਦਰੀ ਗ੍ਰਹਿ ਮੰਤਰੀ ਦੀ ਸ਼ਮੂਲੀਅਤ ਜ਼ਰੂਰੀ ਹੈ। ਵਰਨਣਯੋਗ ਹੈ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਕਾਰਨ ਹੀ ਅੱਜ ਕਿਸਾਨਾਂ ਨੂੰ ਸੜਕਾਂ ’ਤੇ ਆਉਣਾ ਪਿਆ ਹੈ। ਕਿਸਾਨਾਂ ਦੀ ਪਾਰਟੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਐੱਨਡੀਏ ਦੀ ਭਾਈਵਾਲ ਸੀ ਤੇ ਉਸ ਵਿੱਚ ਮੰਤਰੀ ਦੇ ਅਹੁਦੇ ਦਾ ਅਨੰਦ ਮਾਣਨ ਵਾਲੀ ਬੀਬੀ ਹਰਸਿਮਰਤ ਕੌਰ ਬਾਦਲ ਪਹਿਲਾਂ ਕਾਨੂੰਨਾਂ ਦੇ ਹੱਕ ਵਿੱਚ ਡਟੀ ਰਹੀ ਤੇ ਜਦੋਂ ਪਤਾ ਲੱਗਿਆ ਕਿ ਪਾਰਟੀ ਦਾ ਵੋਟ ਬੈਂਕ ਖ਼ਤਮ ਹੋ ਰਿਹਾ ਹੈ ਤਾਂ ਕੌੜਾਂ ਅੱਕ ਚੱਬ ਕੇ ਸਰਕਾਰ ਤੇ ਗਠਜੋੜ ਨਾਲੋਂ ਨਾਤਾ ਤੋੜਿਆ। ਉਧਰ ਕਾਂਗਰਸ ਤੋਂ ਵੀ ਕਿਸਾਨ ਨਾਰਾਜ਼ ਹਨ। ਮਹੀਨੇ ਤੋਂ ਵੱਧ ਸਮੇਂ ਤੋਂ ਬਜ਼ੁਰਗ, ਨੌਜਵਾਨ, ਬੱਚੇ, ਔਰਤਾਂ ਦਿੱਲੀ ਦੇ ਬਾਹਰ ਸੜਕਾਂ ’ਤੇ ਹਨ ਤੇ ਠੰਢ ਵਿੱਚ ਜਾਨਾਂ ਜਾ ਰਹੀਆਂ ਹਨ।