ਚੰਡੀਗੜ੍ਹ, 6 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਤਜਵੀਜ਼ ਅੱਜ ਸਿਰੇ ਤੋਂ ਖਾਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਆਧਾਰਿਤ ਯੂਨੀਵਰਸਿਟੀ ਪੰਜਾਬ ਦੀ ਹੈ ਅਤੇ ਹਮੇਸ਼ਾ ਪੰਜਾਬ ਦੀ ਰਹੇਗੀ। ਉਨ੍ਹਾਂ ਹਰਿਆਣਾ ਵੱਲੋਂ ਯੂਨੀਵਰਸਿਟੀ ’ਚ ਆਪਣਾ ਹਿੱਸਾ ਬਹਾਲ ਕਰਨ ਲਈ ਗਰਾਂਟ ਦੇਣ ਦੀ ਪੇਸ਼ਕਸ਼ ’ਤੇ ਵੀ ਤਿੱਖਾ ਇਤਰਾਜ਼ ਜਤਾਇਆ ਅਤੇ ਆਪਣੇ ਹਰਿਆਣਵੀ ਹਮਰੁਤਬਾ ਮਨੋਹਰ ਲਾਲ ਖੱਟਰ ਨੂੰ ਕਿਹਾ ਕਿ ਉਹ ਆਪਣੇ ਸੂਬੇ ਦੇ ਕਿਸੇ ਵੀ ਹਿੱਸੇ ’ਚ ਵੱਖਰੀ ਯੂਨੀਵਰਸਿਟੀ ਬਣਾ ਲੈਣ। ਮੀਟਿੰਗ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਣੂ ਵਿੱਗ ਵੀ ਹਾਜ਼ਰ ਸਨ। ਉਂਜ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਇਸ ਮੁੱਦੇ ’ਤੇ ਭਗਵੰਤ ਮਾਨ ਵੱਲੋਂ ਲਏ ਗਏ ਸਟੈਂਡ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਨੇ ਵਿਦਿਆਰਥੀਆਂ ਦੇ ਹਿੱਤ ’ਚ ਫ਼ੈਸਲਾ ਲਿਆ ਹੈ। ਮੀਟਿੰਗ ਦੌਰਾਨ ਖੱਟਰ ਨੇ ਸਿੱਖਿਆ ਦੇ ਪ੍ਰਚਾਰ-ਪ੍ਰਸਾਰ ਲਈ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਦੇਣ ਦੀ ਮੰਗ ਕੀਤੀ। ਮੀਟਿੰਗ ਦਾ ਕੋਈ ਸਿੱਟਾ ਨਾ ਨਿਕਲਣ ਕਰਕੇ ਰਾਜਪਾਲ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ 3 ਜੁਲਾਈ ਨੂੰ ਸਵੇਰੇ 11 ਵਜੇ ਮੁੜ ਮੀਟਿੰਗ ਸੱਦੀ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਹਮੇਸ਼ਾ ਹੀ ਪੰਜਾਬ ਦੇ ਵਿਰਸੇ, ਜਜ਼ਬਾਤ, ਸੱਭਿਆਚਾਰ ਅਤੇ ਸਾਹਿਤ ਨਾਲ ਜੁੜੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਆਂਢੀ ਸੂਬਾ ’ਵਰਸਿਟੀ ’ਚ ਅਸਿੱਧੇ ਤੌਰ ’ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਤਿੰਨ ਜ਼ਿਲ੍ਹਿਆ ਪੰਚਕੂਲਾ, ਅੰਬਾਲਾ ਤੇ ਯਮੁਨਾਨਗਰ ਦੇ ਕਾਲਜਾਂ ਦੇ ਨਾਲ-ਨਾਲ ਪੰਜਾਬ ਦੇ ਮੁਹਾਲੀ ਤੇ ਰੋਪੜ ਜ਼ਿਲ੍ਹੇ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਦਿੱਲੀ ਯੂਨੀਵਰਸਿਟੀ ਆਪਣਾ ਕੈਂਪਸ ਹਰਿਆਣਾ ’ਚ ਬਣਾ ਰਹੀ ਹੈ ਜਦੋਂ ਕਿ ਆਈਆਈਟੀ ਦਿੱਲੀ ਦਾ ਕੈਂਪਸ ਵੀ ਹਰਿਆਣਾ ’ਚ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲਣ ਨਾਲ ਹਰਿਆਣਾ ਦੇ ਵਿਦਿਆਰਥੀਆਂ ਨੂੰ ਵੀ ਮੌਕੇ ਮਿਲਣਗੇ। ਜ਼ਿਕਰਯੋਗ ਹੈ ਕਿ ਪਹਿਲੀ ਜੂਨ ਨੂੰ ਹੋਈ ਮੀਟਿੰਗ ਦੌਰਾਨ ਵੀ ਇਹੋ ਮੁੱਦਾ ਉਭਰਿਆ ਸੀ ਅਤੇ ਉਸ ਸਮੇਂ ਵੀ ਕੋਈ ਗੱਲ ਸਿਰੇ ਨਾ ਚੜ੍ਹਨ ਕਰਕੇ ਪੰਜਾਬ ਦੇ ਰਾਜਪਾਲ ਨੇ ਅੱਜ ਮੀਟਿੰਗ ਦੁਬਾਰਾ ਸੱਦੀ ਸੀ।
ਸ੍ਰੀ ਪੁਰੋਹਿਤ ਨੇ ਕਿਹਾ ਕਿ ਮੁਲਕ ਦੀ ਸੱਭਿਆਤਾ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਤਕਸ਼ਿਲਾ ਤੇ ਨਾਲੰਦਾ ਯੂਨੀਵਰਸਿਟੀ ’ਚ ਪੂਰੇ ਵਿਸ਼ਵ ਦੇ ਲੋਕ ਪੜ੍ਹ ਰਹੇ ਹਨ। ਇਸ ਲਈ ਬੱਚਿਆਂ ਨੂੰ ਸਿੱਖਿਆ ਦੇ ਮੌਕੇ ਦੇਣਾ ਇਕ ਸਕਾਰਤਮਕ ਸੋਚ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ’ਚ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਮਿਲਣੀ ਚਾਹੀਦੀ ਹੈ।