ਹਰਿਆਣਾ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖਰੀ ਸਾਹ ਲਿਆ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ। ਸ਼ੁੱਕਰਵਾਰ ਸ਼ਾਮ ਤੱਕ ਉਨ੍ਹਾਂ ਦੀ ਮ੍ਰਿ.ਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚੌਟਾਲਾ ਸਿਰਸਾ ਲਿਆਂਦੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ।

ਓਮ ਪ੍ਰਕਾਸ਼ ਚੌਟਾਲਾ ਦਾ ਜਨਮ 1 ਜਨਵਰੀ 1935 ਨੂੰ ਚੌਟਾਲਾ ਪਿੰਡ, ਸਿਰਸਾ, ਹਰਿਆਣਾ ਵਿੱਚ ਹੋਇਆ ਸੀ। ਉਹ 5 ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 7 ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। 2 ਦਸੰਬਰ 1989 ਨੂੰ ਚੌਟਾਲਾ ਨੇ ਪਹਿਲੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਅਤੇ 22 ਮਈ 1990 ਤੱਕ ਇਸ ਅਹੁਦੇ ‘ਤੇ ਰਹੇ। 12 ਜੁਲਾਈ 1990 ਨੂੰ ਚੌਟਾਲਾ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 22 ਅਪ੍ਰੈਲ 1991 ਨੂੰ ਚੌਟਾਲਾ ਨੇ ਤੀਜੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਪਰ ਦੋ ਹਫ਼ਤਿਆਂ ਬਾਅਦ ਕੇਂਦਰ ਸਰਕਾਰ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ।