ਐਸ.ਏ.ਐਸ. ਨਗਰ (ਮੁਹਾਲੀ), 27 ਜਨਵਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਤਿੰਨ ਦਿਨਾਂ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਉੱਚ ਅਦਾਲਤ ਨੇ ਬੀਤੇ ਕੱਲ੍ਹ ਅਕਾਲੀ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਸਬੰਧੀ ਮਜੀਠੀਆ ਵੱਲੋਂ ਆਪਣੇ ਵਕੀਲਾਂ ਰਾਹੀਂ ਹਾਈ ਕੋਰਟ ਵਿੱਚ ਨਵੇਂ ਸਿਰਿਓਂ ਪਟੀਸ਼ਨ ਦਾਇਰ ਕਰ ਕੇ ਫ਼ਰਿਆਦ ਕੀਤੀ ਗਈ ਸੀ ਕਿ ਹਾਈ ਕੋਰਟ ਦੇ ਤਾਜ਼ੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਸੱਤ ਦਿਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਤਿੰਨ ਦਿਨ ਦੀ ਮੋਹਲਤ ਦਿੱਤੀ ਜਾਵੇ।