ਮੁਹਾਲੀ, 2 ਨਵੰਬਰ
ਮੁਹਾਲੀ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਸ਼ਹਿਰ ਦੀ ਨਵੀਂ ਵਾਰਡਬੰਦੀ ਦਾ ਮਾਮਲਾ ਕਾਫੀ ਭਖ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ ਦੀ ਨਵੀਂ ਵਾਰਡਬੰਦੀ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਕੇਸ ਦੀ ਅਗਲੀ ਸੁਣਵਾਈ 6 ਜਨਵਰੀ 2021 ਨੂੰ ਹੋਵੇਗੀ। ਇਸ ਸਬੰਧੀ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਪਰਵਿੰਦਰ ਸਿੰਘ ਸੋਹਾਣਾ, ਗੁਰਮੁੱਖ ਸਿੰਘ ਸੋਹਲ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਅਤੇ ਹੋਰਨਾਂ ਨੇ ਉੱਚ ਅਦਾਲਤ ਵਿੱਚ ਦਾਇਰ ਸਾਂਝੀ ਪਟੀਸ਼ਨ ਵਿੱਚ ਹੁਕਮਰਾਨਾਂ ’ਤੇ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਦੇ ਮੌਜੂਦਾ ਵਾਰਡਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਗਿਆ ਹੈ ਤਾਂ ਜੋ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਸਿਆਸੀ ਲਾਭ ਪਹੁੰਚਾਇਆ ਜਾ ਸਕੇ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੁਹਾਲੀ ਦੀ ਨਵੇਂ ਸਿਰਿਓਂ ਵਾਰਡਬੰਦੀ ਦੀ ਆੜ ਵਿੱਚ ਅਧਿਕਾਰੀਆਂ ਨੇ ਹੁਕਮਰਾਨਾਂ ਦੇ ਆਖੇ ਲੱਗ ਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਫਾਇਦਾ ਦੇਣ ਲਈ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਤ ਕਈ ਸਾਬਕਾ ਕੌਂਸਲਰਾਂ ਦੇ ਵਾਰਡਾਂ ਦੇ ਮੌਜੂਦਾ ਖੇਤਰਫਲ ਨੂੰ ਬੁਰੀ ਤਰ੍ਹਾਂ ਤੋੜ ਮਰੋੜ ਦਿੱਤਾ ਗਿਆ ਹੈ ਅਤੇ ਕਈ ਪੁਰਸ਼ ਵਾਰਡਾਂ ਨੂੰ ਔਰਤਾਂ ਲਈ ਰਾਖਵਾਂ ਕੀਤਾ ਗਿਆ ਹੈ।