ਬੰਗਲੌਰ, 9 ਫਰਵਰੀ

ਕਰਨਾਟਕ ਹਾਈਕੋਰਟ ਦੇ ਸਿੰਗਲ ਜੱਜ ਨੇ ਸਕੂਲ-ਕਾਲਜ ਦੇ ਅਹਾਤੇ ‘ਚ ਹਿਜਾਬ ‘ਤੇ ਪਾਬੰਦੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਇਹ ਮਾਮਲਾ ਚੀਫ ਜਸਟਿਸ ਰਿਤੂ ਰਾਜ ਅਵਸਥੀ ਦੇ ਹਵਾਲੇ ਕਰ ਦਿੱਤਾ ਅਤੇ ਕਿਹਾ ਕਿ ਚੀਫ ਜਸਟਿਸ ਮਮਾਲੇ ’ਤੇ ਗੌਰ ਕਰਨ ਲਈ ਵੱਡਾ ਬੈਂਚ ਕਾਇਮ ਕਰਨ ਦਾ ਫ਼ੈਸਲਾ ਕਰ ਸਕਦੇ ਹਨ। ਇਸ ਦੌਰਾਨ ਹਿਜਾਬ ਵਿਵਾਦ ਤੋਂ ਬਾਅਦ ਪੈਦਾ ਹੋਏ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਕਰਨਾਟਕ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਤਿੰਨ ਦਿਨਾਂ ਦੀਆਂ ਛੁੱਟੀਆਂ ਐਲਾਨੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ਾਂਤੀ ਰਹੀ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ‘ਹਿਜਾਬ’ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਤਿੱਖੇ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਰਾਜ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਅਗਲੇ ਤਿੰਨ ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਸੰਸਥਾਵਾਂ ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਕਰ ਰਹੀਆਂ ਹਨ।