ਮੰਡੀ, 29 ਜੂਨ
ਹਿਮਾਚਲ ਪ੍ਰਦੇਸ਼ ਦੇ ਮੰਡੀ ਬੱਸ ਸਟੈਂਡ ਤੋਂ ਚਾਰ ਮੀਲ ਦੂਰ ਮੰਡੀ ਅਤੇ ਕੁੱਲੂ ਦਰਮਿਆਨ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦ ਹੋ ਗਿਆ। ਹਾਲਾਂਕਿ, ਬਾਅਦ ਵਿੱਚ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਇਸ ਖੇਤਰ ਵਿੱਚ ਚਾਰ ਮਾਰਗੀ ਸੜਕ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਢਿੱਗਾਂ ਡਿੱਗਣ ਦੀ ਘਟਨਾ ਵਾਪਰੀ। ਹਿਮਾਚਲ ਪ੍ਰਦੇਸ਼ ਵਿੱਚ ਮੌਨਸੂਨ ਦੇ ਦਸਤਕ ਦੇਣ ਨਾਲ ਸਵੇਰੇ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਢਿੱਗਾਂ ਡਿੱਗਣ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰ ਕੇ ਸੈਲਾਨੀਆਂ ਨੂੰ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ।