ਸ਼ਿਮਲਾ, 19 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਅੱਜ ਸੂਬਾ ਸਰਕਾਰ ਦੇ ਇੱਕ ਤਰਜਮਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਪ੍ਰੋਗਰਾਮ ਸੀ ਪਰ ਹੁਣ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਦੇ ਕਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਵਿਧਾਨ ਸਭਾ ਸੈਸ਼ਨ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਕੌਮੀ ਰਾਜਧਾਨੀ ਵਿੱਚ ਜਾਂਚ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਵਿੱਚ ਕਰੋਨਾ ਦੇ ਲੱਛਣ ਨਜ਼ਰ ਨਹੀਂ ਆਏ ਹਾਲਾਂਕਿ ਇਹਤਿਆਤ ਵਜੋਂ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਧਰਮਸ਼ਾਲਾ ਵਿੱਚ ਵੀਰਵਾਰ ਨੂੰ ਸ਼ੁਰੂ ਹੋਣ ਵਾਲਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਨਵਾਂ ਪ੍ਰੋਗਰਾਮ ਸ੍ਰੀ ਸੁੱਖੂ ਦੀ ਸਿਹਤ ’ਤੇ ਨਿਰਭਰ ਕਰੇਗਾ।